Latest News : ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਲੈ ਕੇ ਵਧਿਆ ਵਿਵਾਦ ; SGPC ਨੇ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ, 24ਅਗਸਤ (ਵਿਸ਼ਵ ਵਾਰਤਾ)Latest News: ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੀ ਸਟੂਡੀਓਜ਼ ਨੂੰ ਟਰੇਲਰ ਰਿਲੀਜ਼ ਕਰਨ ਸਬੰਧੀ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਲੱਗਣ ਦੇਣ ਜਾ ਰਹੀ ਹੈ। ਹਾਲ ਹੀ ‘ਚ ਫਿਲਮ ਦਾ ਟ੍ਰੇਲਰ ਆਇਆ ਸੀ । ਕੰਗਨਾ ਰਣੌਤ ਨੂੰ 2 ਮਿੰਟ 53 ਸੈਕਿੰਡ ਦੀ ਇਸ ਵੀਡੀਓ ਲਈ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਫਿਲਮ ਦਾ ਟ੍ਰੇਲਰ ਆਇਆ ਤਾਂ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਫਿਲਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਇਸ ਫਿਲਮ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਸਕ੍ਰਿਪਟ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਜਾਵੇ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਅੱਗੇ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦ੍ਰਿਸ਼ਾਂ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ, ਉਨ੍ਹਾਂ ਨੂੰ ਫਿਲਮ ‘ਚੋਂ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਹੋਣ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਨੂੰ ਲੈ ਕੇ ਜ਼ੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।
ਪਿਛਲੇ ਦਿਨੀਂ ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਫਿਲਮ ਦਾ ਵਿਰੋਧ ਕੀਤਾ ਸੀ। ਨਾਲ ਹੀ ਕੰਗਨਾ ਰਣੌਤ ਨੂੰ ਸਿੱਖ ਵਿਰੋਧੀ ਵੀ ਕਿਹਾ ਗਿਆ। ਐਸਜੀਪੀਸੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਨਾਲ ਹੀ ਕੇਂਦਰ ਸਰਕਾਰ ਅਤੇ ਸੈਂਸਰ ਬੋਰਡ ‘ਤੇ ਵੀ ਦੋਸ਼ ਲਗਾਏ ਹਨ। ਇਸ ਦੌਰਾਨ ਫਿਲਮ ਨੂੰ ਬੈਨ ਕਰਨ ਦੀ ਮੰਗ ਸਾਹਮਣੇ ਆਈ ਹੈ।