Latest News: ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ 28 ਫਰਵਰੀ ਤੱਕ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
ਜਲੰਧਰ, 21 ਫਰਵਰੀ (ਵਿਸ਼ਵ ਵਾਰਤਾ): ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ 28 ਫਰਵਰੀ 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਲਈ (ਪ੍ਰਤੀ ਪੋਲਿੰਗ ਸਟੇਸ਼ਨ 1) ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀ ਵੱਲੋਂ ਤਾਇਨਾਤ ਬੂਥ ਲੈਵਲ ਏਜੰਟ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਹਟਾਉਣ, ਸੋਧ ਕਰਨ ਅਤੇ ਤਬਾਦਲੇ ਲਈ ਫਾਰਮ ਭਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।