Latest News: ਜਿਲ੍ਹਾ ਪ੍ਰੀਸ਼ਦ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
3 ਮਾਰਚ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਕਪੂਰਥਲਾ, 10 ਫਰਵਰੀ (ਵਿਸ਼ਵ ਵਾਰਤਾ):- ਜਿਲ੍ਹਾ ਪ੍ਰੀਸ਼ਦ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਕਮ ਚੋਣ ਰਜਿਸਟ੍ਰੇਸ਼ਨ ਅਫਸਰਾਂ ਕਪੂਰਥਲਾ, ਭੁਲੱਥ, ਫਗਵਾੜਾ ਤੇ ਸੁਲਤਾਨਪੁਰ ਲੋਧੀ ਨੂੰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਕੱਤਰ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਪ੍ਰਾਪਤ ਸਮਾਂ ਸਾਰਣੀ ਅਨੁਸਾਰ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ 10 ਫਰਵਰੀ ਨੂੰ ਹੋਵੇਦੀ ਜਦਕਿ ਦਾਅਵੇ ਤੇ ਇਤਰਾਜ਼ 11 ਫਰਵਰੀ ਤੋਂ 18 ਫਰਵਰੀ ਤੱਕ ਦਿੱਤੇ ਜਾ ਸਕਣਗੇ। ਇਸ ਤੋਂ ਇਲਾਵਾ 27 ਫਰਵਰੀ ਤੱਕ ਦਾਅਵੇ ਤੇ ਇਤਰਾਜ਼ਾਂ ਦੇ ਨਿਪਟਾਰੇ ਕੀਤੇ ਜਾਣਗੇ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 3 ਮਾਰਚ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ 14 ਫਰਵਰੀ ਤੇ 15 ਫਰਵਰੀ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਵੀਆਂ ਵੋਟਾਂ ਬਣਾਉਣ, ਵੋਟਾਂ ਕੱਟਣ ਆਦਿ ਲਈ ਪੇਂਡੂ ਖੇਤਰਾਂ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।