Latest News: 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024 (ਸਤੀਸ਼ ਕੁਮਾਰ ਪੱਪੀ):- 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਵੱਲੋਂ 24 ਜਨਵਰੀ ਨੂੰ ਰਾਜ ਪੱਧਰੀ ਮੁਕਾਬਲੇ ਜੋ ਕਿ ਲੁਧਿਆਣਾ ਵਿਖੇ ਹੋਣਗੇ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਦਾ ਮਕਸਦ ਵੋਟਰਾਂ ਵਿਚ ਲੋਕਤੰਤਰੀ ਪ੍ਰੰਪਰਾਵਾਂ ਨੂੰ ਮਜਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਨੂੰ ਵਧਾਉਣਾ ਅਤੇ ਹਰ ਵਰਗ ਨੂੰ ਚੋਣ ਅਮਲ ਬਾਰੇ ਜਾਗਰੂਕ ਕਰਨਾ ਹੈ।
ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਸਬੰਧੀ ਵੋਟਰ 18 ਦਸੰਬਰ 2024 ਤੋਂ 17 ਜਨਵਰੀ 2025 ਤੱਕ ਆਨਲਾਈਨ ਰਜਿਸਟ੍ਰੇਸ਼ਨ ਲਈ ਮੁੱਖ ਚੋਣ ਅਫਸਰ, ਪੰਜਾਬ ਦੇ ਲਿੰਕ https://punjab.indiastatquiz.com/NewRegister.aspx ਉਪਰ ਰਜਿਸਟਰ ਕਰ ਸਕਦੇ ਹਨ। ਜ਼ਿਲ੍ਹਾ ਪੱਧਰ ਦੇ ਆਨਲਾਈਨ ਕੁਇਜ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ ਅਤੇ 23 ਜ਼ਿਲ੍ਹਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਆਫਲਾਈਨ ਕੁਇਜ ਮੁਕਾਬਲੇ ਵਿਚ ਹਿੱਸਾ ਲੈਣਗੇ। ਰਾਜ ਪੱਧਰੀ ਕੁਇਜ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪਹਿਲੇ ਤਿੰਨ ਸਥਾਨਾਂ ਉੱਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ ਲੈਪਟਾਪ, ਟੈਬਲਟ ਅਤੇ ਸਮਾਰਟ ਘੜੀ ਨਾਲ ਸਨਮਾਨਿਤ ਕੀਤਾ ਜਾਵੇਗਾ। ਚੋਣ ਤਹਿਸੀਲਦਾਰ, ਸੰਜੇ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ, ਯੁਵਕ ਕਲੱਬਾਂ ਅਤੇ ਐਨ ਜੀ ਓ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।