Latest News : ਸੰਯੁਕਤ ਕਿਸਾਨ ਮੋਰਚਾ ਦੀ ਖਨੌਰੀ ਅਤੇ ਸ਼ੰਭੂ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਪਾਤੜਾਂ ਵਿਖੇ ਜਾਰੀ
ਚੰਡੀਗੜ੍ਹ, 18ਜਨਵਰੀ(ਵਿਸ਼ਵ ਵਾਰਤਾ) ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਇਸ ਅੰਦੋਲਨ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਦੇ ਤਿੰਨਾਂ ਫੋਰਮਾਂ ਦੀ ਮੀਟਿੰਗ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਜਾਰੀ ਹੈ। ਇਸ ਮੀਟਿੰਗ ਵਿਚ ਡਾ. ਦਰਸ਼ਨ ਪਾਲ, ਕਿਸਾਨ ਜੂਨੀਅਰ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਰਵਣ ਸਿੰਘ ਪੰਧੇਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਪਟਿਆਲਾ, ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਆਗੂ ਮੌਜੂਦ ਹਨ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਕਿਸਾਨ ਆਗੂ ਡੱਲੇਵਾਲ ਦੀ ਵਿਗੜ ਰਹੀ ਸਿਹਤ ਅਤੇ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਦੱਸ ਦਈਏ ਕਿ ਡੱਲੇਵਾਲ ਦੀ ਤਾਜ਼ਾ ਮੈਡੀਕਲ ਰਿਪੋਰਟ ਅਨੁਸਾਰ ਕਿਡਨੀ ਅਤੇ ਲੀਵਰ ਨਾਲ ਸਬੰਧਤ ਟੈਸਟਾਂ ਦਾ ਨਤੀਜਾ 1.75 ਹੈ, ਜੋ ਕਿ ਆਮ ਹਾਲਤਾਂ ਵਿਚ 1 ਤੋਂ ਘੱਟ ਹੋਣਾ ਚਾਹੀਦਾ ਹੈ। ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਦਾ ਕਹਿਣਾ ਹੈ ਕਿ ਡੱਲੇਵਾਲ ਦਾ ਭਾਰ 20 ਕਿਲੋ ਘਟ ਗਿਆ ਹੈ। ਜਦੋਂ ਉਨ੍ਹਾਂ ਮਰਨ ਵਰਤ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਦਾ ਭਾਰ 86 ਕਿਲੋ 950 ਗ੍ਰਾਮ ਸੀ। ਹੁਣ ਇਹ ਘਟ ਕੇ 66 ਕਿਲੋ 400 ਗ੍ਰਾਮ ਰਹਿ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/