Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ; ਮਿਲੀ Absolute protection
ਚੰਡੀਗੜ੍ਹ, 25 ਜਨਵਰੀ(ਵਿਸ਼ਵ ਵਾਰਤਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚਾਹਲ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ। ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਹਨਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚਾਹਲ ਨੇ ਦੱਸਿਆ ਸੀ ਕਿ ਉਹਨਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ ਉਹਨਾਂ ਨੇ ਕਿਹਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ ਪਰ ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ। ਹੁਣ ਸੁਪਰੀਮ ਕੋਰਟ ਨੇ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।
ਭਰਤ ਇੰਦਰ ਸਿੰਘ ਚਾਹਲ ਖਿਲਾਫ ਇਸ ਮਾਮਲੇ ‘ਚ 2 ਅਗਸਤ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ 11 ਨਵੰਬਰ 2024 ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਦੰਡਕਾਰੀ ਕਾਰਵਾਈ ਨਹੀਂ ਹੋਣੀ ਚਾਹੀਦੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਚਾਹਲ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ। ਚਾਹਲ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਸਿਧਾਰਥ ਲੂਥਰਾ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/