Latest News: ਵਿਰਾਸਤੀ ਮੇਲਾ 2026: ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

ਕਪੂਰਥਲਾ, 21 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਵਿਰਾਸਤੀ ਮੇਲਾ-2026 ਦੇ ਦੂਜੇ ਦਿਨ ਅੱਜ ਪੰਜਾਬ ਦੇ ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਨੇ ਆਪਣੀ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ।
ਮੇਲੇ ਦੇ ਦੂਜੇ ਦਿਨ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਸ਼ਮਾ ਰੌਸ਼ਨ ਕਰਕੇ ਮੇਲੇ ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਇਸ ਵਿਰਾਸਤੀ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਜਾ ਰਿਹਾ ਹੈ ਇਹ ਤਿੰਨ ਦਿਨਾਂ ਦਾ ਵਿਰਾਸਤੀ ਮੇਲਾ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ ।
ਇਸ ਤੋਂ ਪਹਿਲਾਂ ਜੇ ਐਨ ਵੀ ਮਸੀਤ, ਸਮਾਰਟ ਸਕੂਲ ਕੋਆਰਡੀਨੇਟਰ ਤੇ ਵਿਰਸਾ ਸਿਸਟਰਜ਼ ਵੱਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ।
ਵੱਡੀ ਗਿਣਤੀ ਵਿੱਚ ਪੁੱਜੇ ਦਰਸ਼ਕਾਂ ਨੇ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੀ ਵਿਰਾਸਤ ਨੂੰ ਰੂਪਮਾਨ ਕਰਨ ਲਈ ਲਗਾਏ ਗਏ ਵਿਰਾਸਤੀ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਨਵੀਂ ਪੀੜ੍ਹੀ ਨੂੰ ਅਮੀਰ ਸੱਭਿਆਚਾਰ ਬਾਰੇ ਜਾਣੂੰ ਕਰਵਾਉਣ ਤੇ ਵਿਰਾਸਤ ਨਾਲ ਜੋੜਨ ਲਈ ਸਹਾਈ ਹੋਣਗੇ ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਗੁਰਨਾਮ ਭੁੱਲਰ ਤੇ ਹੋਰਨਾਂ ਕਲਾਕਾਰਾਂ ਤੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਸਰਬਜੀਤ ਸਿੰਘਲੁਬਾਣਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ , ਟ੍ਰੇਡ ਵਿੰਗ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ, ਹਲਕਾ ਇੰਚਾਰਜ, ਕਪੂਰਥਲਾ – ਐਡਵੋਕੇਟ ਕਰਮਬੀਰ ਸਿੰਘ ਚੰਦੀ,ਚੇਅਰਮੈਨ, ਇੰਪ੍ਰੂਵਮੈਂਟ ਟਰੱਸਟ ਅਤੇ ਹਲਕਾ ਇੰਚਾਰਜ, ਸੁਲਤਾਨਪੁਰ ਲੋਧੀ – ਸੱਜਣ ਸਿੰਘ ਚੀਮਾ,ਹਲਕਾ ਇੰਚਾਰਜ, ਭੋਲੱਥ – ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਹਲਕਾ ਇੰਚਾਰਜ, ਫਗਵਾੜਾ ਹਰਨੂਰ ਸਿੰਘ ਹਰਜੀ ਮਾਨ ਤੇ ਹੋਰ ਹਾਜ਼ਰ ਸਨ।



















