Ludhiana : ਆਂਗਣਵਾੜੀ ਵਰਕਰਾਂ ਨੇ ਰਵਨੀਤ ਬਿੱਟੂ ਦੀ ਕੋਠੀ ਦਾ ਕੀਤਾ ਘਿਰਾਓ
ਲੁਧਿਆਣਾ ,2ਅਕਤੂਬਰ (ਵਿਸ਼ਵ ਵਾਰਤਾ): ਆਂਗਣਵਾੜੀ ਮਹਿਲਾ ਵਰਕਰਾਂ ਨੇ ਲੁਧਿਆਣਾ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਹੈ। ਬੁੱਧਵਾਰ ਨੂੰ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਰਵਨੀਤ ਬਿੱਟੂ ਦੇ ਘਰ ਪਹੁੰਚੀਆਂ ਅਤੇ ਜਦੋਂ ਉਨ੍ਹਾਂ ਬਿੱਟੂ ਨੂੰ ਮੰਗ ਪੱਤਰ ਸੌਂਪਣ ਲਈ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਗਿਆ, ਜਿਸ ਤੋਂ ਬਾਅਦ ਔਰਤਾਂ ਨੇ ਘਰ ਦੇ ਬਾਹਰ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਪਹੁੰਚੀ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਸਕੀਮ 2 ਅਕਤੂਬਰ 1975 ਨੂੰ ਲਾਗੂ ਹੋਈ ਸੀ, ਜਿਸ ਨੂੰ ਅੱਜ 49 ਸਾਲ ਪੂਰੇ ਹੋ ਚੁੱਕੇ ਹਨ ਪਰ ਅਜੇ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤਿੰਨ ਵਾਰ ਪ੍ਰਧਾਨ ਮੰਤਰੀ ਬਣ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਵਾਰ-ਵਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਕ ਆਂਗਣਵਾੜੀ ਵਰਕਰ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ ਸਿਰਫ਼ 4500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ, ਜਦੋਂ ਕਿ ਆਂਗਣਵਾੜੀ ਹੈਲਪਰਾਂ ਨੂੰ 2250 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ। ਇਸ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਨਹੀਂ ਚਲਦਾ। ਉਨ੍ਹਾਂ ਮੰਗ ਕੀਤੀ ਕਿ ਰਵਨੀਤ ਬਿੱਟੂ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਸਮੱਸਿਆ ਦਾ ਹੱਲ ਕਰਵਾਉਣ।