Ludhiana: ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖਲ
– AAP ਵੱਲੋਂ ਕੱਢਿਆ ਜਾਵੇਗਾ Mega ਰੋਡ ਸ਼ੋਅ

ਲੁਧਿਆਣਾ, 30 ਮਈ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਜ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮਰਥਕਾਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ‘ਚ ਵੱਡਾ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਆਰਤੀ ਚੌਕ ਤੋਂ ਸ਼ੁਰੂ ਹੋਵੇਗਾ ਅਤੇ ਭਾਈ ਬਾਲਾ ਚੌਕ ‘ਚੋਂ ਹੁੰਦਾ ਹੋਇਆ ਮਿੰਨੀ ਸਕੱਤਰੇਤ ਦੇ ਬਾਹਰ ਸਮਾਪਤ ਹੋਵੇਗਾ। ਰੋਡ ਸ਼ੋਅ ਵਿੱਚ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸਥਾਨਕ ਨਿਵਾਸੀਆਂ ਦੀ ਵੱਡੀ ਭੀੜ ਦੇ ਇਕੱਠੇ ਹੋਣ ਦੀ ਉਮੀਦ ਹੈ।
ਦੱਸ ਦਈਏ ਕਿ ਬੀਤੇ ਕੱਲ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।























