Ludhiana DC ਵੱਲੋਂ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
- ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਲਹਿਰਾਉਣਗੇ ਰਾਸ਼ਟਰੀ ਝੰਡਾ
- ਅਧਿਕਾਰੀਆਂ ਨੂੰ ਸਮਾਰੋਹਾਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼
ਲੁਧਿਆਣਾ, 23 ਜਨਵਰੀ (000) – 76ਵੇਂ ਰਾਜ ਪੱਧਰੀ ਗਣਤੰਤਰ ਦਿਵਸ ਲਈ ਇੱਕ ਫੁੱਲ ਡਰੈੱਸ ਰਿਹਰਸਲ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਗਰਾਊਂਡ ਵਿਖੇ ਕੀਤੀ ਗਈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਅਤੇ ਝੰਡਾ ਲਹਿਰਾਇਆ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਲਈ, ਜਿਸ ਵਿੱਚ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਆਕਰਸ਼ੀ ਜੈਨ ਦੀ ਅਗਵਾਈ ਵਿੱਚ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਸ਼ਾਮਲ ਸਨ।
ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ 26 ਸਰਕਾਰੀ ਸਕੂਲਾਂ ਦੇ 900 ਵਿਦਿਆਰਥੀਆਂ ਦੁਆਰਾ ਇੱਕ ਸ਼ਾਨਦਾਰ ਸਮੂਹਿਕ ਸਰੀਰਕ ਸਿਖਲਾਈ ਪ੍ਰਦਰਸ਼ਨੀ ਕੀਤੀ ਗਈ, ਨਾਲ ਹੀ ਬੀ.ਵੀ.ਐਮ. ਸਕੂਲ, ਡੀ.ਏ.ਵੀ. ਸਕੂਲ ਅਤੇ ਆਰਮੀ ਪਬਲਿਕ ਸਕੂਲ (ਜਲੰਧਰ) ਸਮੇਤ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ ਇੱਕ ਰੰਗੀਨ ਦੇਸ਼ ਭਗਤੀ ਸੱਭਿਆਚਾਰਕ ਪ੍ਰੋਗਰਾਮ ਵੀ ਸ਼ਾਮਲ ਸੀ। ਇਸ ਤੋਂ ਇਲਾਵਾ, ਫੌਜ ਦੇ ਜਵਾਨਾਂ ਨੇ ਕਲਾਰੀਪਯੱਟੂ, ਇੱਕ ਪ੍ਰਾਚੀਨ ਮਾਰਸ਼ਲ ਆਰਟ, ਦਾ ਪ੍ਰਦਰਸ਼ਨ ਕੀਤਾ, ਜੋ ਖਿੱਚ ਦਾ ਕੇਂਦਰ ਬਣਿਆ।
ਸਿਹਤ, ਭੂਮੀ ਸੰਭਾਲ, ਜੰਗਲਾਤ, ਵੇਰਕਾ, ਮਹਿਲਾ ਅਤੇ ਬਾਲ ਵਿਕਾਸ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਡੀ.ਬੀ.ਈ.ਈ., ਸੀ.ਐਮ.ਡੀ. ਯੋਗਸ਼ਾਲਾ, ਸਿੱਖਿਆ, ਮਾਰਕਫੈੱਡ ਅਤੇ ਏ.ਡੀ.ਸੀ. (ਪੇਂਡੂ ਵਿਕਾਸ) ਦਫ਼ਤਰ ਵਰਗੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 17 ਝਾਕੀਆਂ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਸਰਕਾਰੀ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਉਜਾਗਰ ਕੀਤਾ।
ਫੁੱਲ ਡਰੈੱਸ ਰਿਹਰਸਲ ਤੋਂ ਥੋੜ੍ਹੀ ਦੇਰ ਬਾਅਦ, ਡਿਪਟੀ ਕਮਿਸ਼ਨਰ ਜੋਰਵਾਲ ਨੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਟੇਡੀਅਮ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਬੁਲਾਈ। ਡਿਪਟੀ ਕਮਿਸ਼ਨਰ ਜੋਰਵਾਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਮੈਦਾਨ ਵਿੱਚ ਹੋਣ ਵਾਲੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਉਹ ਬਾਅਦ ਵਿੱਚ ਮੈਦਾਨ ਦੇ ਨੇੜੇ ਭਾਰਤੀ ਫੌਜ ਦੁਆਰਾ ਇੱਕ ਹਥਿਆਰਾਂ ਅਤੇ ਟੈਂਕਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕਰਨਗੇ।
ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਗਣਤੰਤਰ ਦਿਵਸ ਸਮਾਰੋਹ ਨੂੰ ਬੇਮਿਸਾਲ ਬਣਾਉਣ ਲਈ ਸੁਹਿਰਦ ਯਤਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸ਼ਾਨਦਾਰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ, ਜਿਸ ਵਿੱਚ ਬਾਰੀਕੀ ਨਾਲ ਯੋਜਨਾਬੰਦੀ ਅਤੇ ਅਮਲ ਦੀ ਮਹੱਤਤਾ ‘ਤੇ ਚਾਨਣਾ ਪਾਇਆ.