Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ
– ਹੰਬੜਾਂ ਰੋਡ ’ਤੇ ਵਾਪਰਿਆ ਹਾਦਸਾ
– ਮ੍ਰਿਤਕਾਂ ਵਿੱਚ ਆਟੋ ਚਾਲਕ ਸਮੇਤ ਦੋ ਸਵਾਰੀਆਂ ਸ਼ਾਮਲ
ਲੁਧਿਆਣਾ, 29 ਨਵੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੰਬੜਾਂ ਰੋਡ ’ਤੇ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਥਾਣਾ ਲਾਡੋਵਾਲ ਅਧੀਨ ਪੈਂਦੇ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਹਮਣੇ ਤੋਂ ਆ ਰਹੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਸਮੇਂ ਆਟੋ ਵਿੱਚ ਚਾਲਕ ਸਮੇਤ ਤਿੰਨ ਵਿਅਕਤੀ ਸਵਾਰ ਸਨ ਅਤੇ ਤਿੰਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸਥਾਨਕ ਲੋਕਾਂ ਨੇ ਮਸ਼ੱਕਤ ਕਰਕੇ ਆਟੋ ਵਿੱਚੋਂ ਤਿੰਨਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਹ ਆਪਣਾ ਟਰੱਕ ਉੱਥੇ ਹੀ ਛੱਡ ਗਿਆ ਸੀ।
ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਫਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।























