Ludhiana ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ
ਲੁਧਿਆਣਾ, 21 ਨਵੰਬਰ – ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,
ਲੁਧਿਆਣਾ (Ludhiana) ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਸੈਸ਼ਨ ਜੱਜ ਵੱਲੋਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ।
ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।
ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।