ਨਵੀ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharashtra Elections 2024) ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਸੂਬੇ ਵਿੱਚ ਕੁੱਲ 10,905 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 288 ਵਿਧਾਨ ਸਭਾ ਸੀਟਾਂ ਲਈ 7995 ਉਮੀਦਵਾਰਾਂ ਨੇ ਦਾਅਵੇਦਾਰੀ ਪੇਸ਼ ਕੀਤੀ ਹੈ।
ਚੋਣ ਨੋਟੀਫਿਕੇਸ਼ਨ 22 ਅਕਤੂਬਰ ਨੂੰ ਜਾਰੀ ਕੀਤਾ ਗਿਆ ਸੀ। ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਸੀ। ਇਨ੍ਹਾਂ ਅਰਜ਼ੀਆਂ ਦੀ ਬੀਤੇ ਕੱਲ੍ਹ ਪੜਤਾਲ ਕੀਤੀ ਗਈ। 4 ਨਵੰਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਤੋਂ 29 ਅਕਤੂਬਰ ਤੱਕ ਸੀ-ਵਿਜੀਲ ਐਪਲੀਕੇਸ਼ਨ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ 1,648 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿੱਚੋਂ 1,646 ਦਾ ਨਿਪਟਾਰਾ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ।
ਸੀ-ਵਿਜੀਲ ਐਪ, ਜੋ ਨਾਗਰਿਕਾਂ ਨੂੰ ਆਚਾਰ ਸੰਹਿਤਾ ਦੀ ਪਾਲਣਾ ਕਰਨ ਲਈ ਸੁਚੇਤ ਕਰਨ ਵਿੱਚ ਮਦਦ ਕਰਦੀ ਹੈ, ਕਿਸੇ ਵੀ ਐਪ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਸ ਐਪ ਰਾਹੀਂ ਨਾਗਰਿਕ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਸਬੰਧਤ ਟੀਮ ਵੱਲੋਂ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਦੱਸ ਦਈਏ ਕਿ ਸੂਬੇ ਦੀਆਂ 288 ਸੀਟਾਂ ਲਈ 20 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।