MALERKOTLA : ਸਿਵਲ ਅਤੇ ਪੁਲਿਸ ਪ੍ਰਸਾਸ਼ਿਨਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਕੀਤਾ ਜਾਗਰੂਕ
- ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ- ਹਰਬੰਸ ਸਿੰਘ

ਅਹਿਮਦਗੜ੍ਹ/ਮਾਲੇਰਕੋਟਲਾ 02 ਅਕਤੂਬਰ (ਵਿਸ਼ਵ ਵਾਰਤਾ):- ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜਰ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐਸ.ਡੀ.ਐਮ.ਹਰੰਬਸ ਅਤੇ ਡੀ.ਐਸ.ਪੀ. ਕੁਲਦੀਪ ਸਿੰਘ ਨੇ ਅਹਿਮਦਗੜ੍ਹ ਬਲਾਕ ਦੇ ਪਿੰਡ ਆਦਮਵਾਲ ,ਆਨਖੇੜੀ ਅਤੇ ਅਤੇ ਰੁੜਕਾ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਬੁਰੇ ਪ੍ਰਭਾਵਾਂ ਤੋਂ ਅਵਗਤ ਕਰਵਾਹਿਆ । ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਕਾਸ ਅਫਸਰ ਡਾ. ਰਾਕੇਸ਼ ਕੁਮਾਰ ਵੀ ਮੌਜੂਦ ਸਨ ।
ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਦੇ ਮਿਲਣ ਵਾਲੀ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਨੂੰ ਬਚਾਉਂਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਹੀ ਅਸੀ ਆਪਣੀ ਆਉਣ ਵਾਲੀ ਪੀੜੀਆਂ ਲਈ ਵਾਤਾਵਰਣ ਨੂੰ ਸੁਰੱਖਿਅਤ ਰੱਖ ਸਕਦੇ ਹਾਂ । ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਮਾੜੀ ਪਰਥਾ ਨੂੰ ਰੋਕਣ ਲਈ ਸੁਚੱਜੇ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਦੇ ਨਾਲ ਨਾਲ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਲੋੜੀਂਦੀ ਮਸ਼ੀਨੇਰੀ ਵੀ ਸਬਸਿਡੀ ਤੇ ਮੁਹਈਆ ਕਰਵਾਈ ਗਈ ਹੈ ਉਹਨਾਂ ਕਿਹਾ ਕਿ ਇਸ ਮਸ਼ੀਨਰੀ ਦੀ ਬਲਾਕ ਦੇ ਕਿਸਾਨਾਂ ਲਈ ਉਪਲਬਧਤਾ ਯਕੀਨੀ ਬਣਾਉਣ ਲਈ ਪਾਰਦਰਸ਼ੀ ਢੰਗ ਨਾਲ ਮੈਪਿੰਗ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ਤੇ ਕੋਈ ਵੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਇਹ ਮਸ਼ੀਨਰੀ ਵਰਤ ਕੇ ਪਰਾਲੀ ਸੰਭਾਲ ਸਕਦੇ ਹਨ ।
ਡੀ.ਐਸ.ਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ । ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਸੰਜੀਦਗੀ ਨਾਲ ਹੰਭਲਾ ਮਾਰਨ ਦੀ ਲੋੜ ਹੈ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ,ਅਹਿਮਦਗੜ੍ਹ ਡਾ. ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਸੀ.ਆਰ.ਐਮ ਸਕੀਮ ਤਹਿਤ ਪਰਾਲੀ ਦੇ ਯੋਗ ਪ੍ਰਬੰਧਨ ਲਈ ਸਬਸਿਡੀ ਉੱਪਰ ਦਿੱਤੀ ਜਾਣ ਵਾਲੀਆਂ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਬਿਨਾਂ ਅੱਗ ਲਗਾ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਉਹਨਾਂ ਹੋਰ ਦੱਸਿਆ ਕਿ ਜਿੱਥੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉੱਥੇ ਹੀ ਖੇਤ ਲਾਗਤ ਖਰਚਾ ਘਟਾਇਆ ਜਾ ਸਕਦਾ ਹੈ ਅਤੇ ਵਾਤਾਵਰਨ ਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ।























