”ਖੇਡਾਂ ਵਤਨ ਪੰਜਾਬ ਦੀਆਂ-2024”
Malerkotla News: ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
’ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਸਹਾਈ : ਡਾ ਜਮੀਲ ਉਰ ਰਹਿਮਾਨ
* ਕਿਹਾ, ਇਹ ਖੇਡਾਂ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਸਾਰਥਿਕ ਸਿੱਧ ਹੋਣਗੀਆਂ
* ਹਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਕੀਤੀ ਜਾ ਰਹੀ ਸ਼ਮੂਲੀਅਤ – ਜ਼ਿਲ੍ਹਾ ਖੇਡ ਅਫ਼ਸਰ
ਮਾਲੇਰਕੋਟਲਾ 21 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋ ਰੰਗਲਾ,ਖੁਸ਼ਹਾਲ,ਸਿਹਤਯਾਬ ਪੰਜਾਬ ਬਣਾਉਣ ਲਈ ”ਖੇਡਾਂ ਵਤਨ ਪੰਜਾਬ ਦੀਆਂ-2024” ਸੀਜ਼ਨ -3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਇਹ ਖੇਡਾਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਇੱਕ ਅਹਿਮ ਕਦਮ ਸਾਬਿਤ ਹੋਣਗੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਜ਼ਾਕਿਰ ਹੁਸੈਣ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤੇ । ਇਸ ਮੌਕੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਪ੍ਰਧਾਨ ਘੱਟ ਗਿਣਤੀਆਂ ਸੈਲ ਜਾਫਰ ਅਲੀ, ਪੀ.ਏ ਟੂ ਐਮ.ਐਲ.ਏ ਗੁਰਮੁੱਖ ਸਿੰਘ, ਕੁਲਵੰਤ ਸਿੰਘ ਗੱਜਣਮਾਜਰਾ,ਅਸਰਫ ਅੱਬਦੁੱਲਾ ਤੋਂ ਇਲਾਵਾ ਹੋਰ ਖੇਡ ਪ੍ਰੇਮੀ ਮੌਜ਼ੂਦ ਸਨ ।
ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸੂਬਾ ਸਰਕਾਰ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-3 ਕਰਵਾਈਆਂ ਜਾ ਰਹੀਆਂ ਹਨ ਜੋ ਕਿ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ।ਇਹ ਖੇਡਾਂ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰ ਰਹੀਆਂ ਹਨ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਿਆ ਹੈ ਅਤੇ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਤੋਂ 24 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ, ਫੁੱਟਬਾਲ, ਬਾਕਸਿੰਗ, ਜੂਡੋ, ਕੁਸ਼ਤੀ, ਬੈਡਮਿੰਟਨ, ਪਾਵਰਲਿਫਟਿੰਗ, ਟੇਬਲ ਟੈਨਿਸ, ਚੈੱਸ, ਤੈਰਾਕੀ, ਵੇਟਲਿਫਟਿੰਗ, ਕਬੱਡੀ (ਸਰਕਲ ਅਤੇ ਨੈਸ਼ਨਲ), ਖੋ- ਖੋ, ਗੱਤਕਾ, ਵਾਲੀਬਾਲ ਸ਼ੂਟਿੰਗ ਅਤੇ ਸਮੈਸਿੰਗ, ਕਿੱਕ ਬਾਕਸਿੰਗ, ਬਾਸਕਿਟ ਬਾਲ, ਸਵਿਮਿੰਗ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅਲਫਲਹਾ ਪਬਲਿਕ ਸਕੂਲ ਵਿਖੇ ਫੁੱਟਬਾਲ ਦੇ,ਤਾਰਾ ਕਾਨਵੈਂਟ ਸਕੂਲ ਵਿਖੇ ਖੋ-ਖੋ,ਬਾਸਕਿਟਬਾਲ ਅਤੇ ਗੱਤਕਾ, ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਅਮਰਗੜ੍ਹ ਵਿਖੇ ਵਾਲੀਬਾਲ(ਸੂਟਿੰਗ ਅਤੇ ਸਮੈਸ਼ਿਗ), ਦਾ ਟਾਊਨ ਸਕੂਲ ਵਿਖੇ ਐਥਲੈਟਿਕਸ,ਨੈੱਟਬਾਲ,ਕਬੱਡੀ ਅਤੇ ਸੀਤਾ ਗਰਾਮਰ ਸਕੂਲ ਵਿਖੇ ਚੈੱਸ ਅਤੇ ਟੇਬਲ ਟੈਨਿਸ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ । ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ‘ਚ ਖਿਡਾਰੀ ਉਤਸਾਹ ਭਰਪੂਰ ਰਹੇ, ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।