ਕਿਹਾ, ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ
ਮਾਲੇਰਕੋਟਲਾ 08 ਅਕਤੂਬਰ (ਬਲਜੀਤ ਹੁਸੈਨਪੁਰਾ)- ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਅਧੀਨ ਪੈਂਦੇ ਹੋਟ ਸਪੋਟ ਪਿੰਡ ਭੂਦਨ,ਫਿਰੋਜਪੁਰ-ਕੁਢਾਲਾ,ਖਰਦ,ਕਸਬਾ ਅਤੇ ਦਸੋਂਧਾ ਸਿੰਘ ਦਾ ਸਾਂਝੇ ਤੌਰ ਤੇ ਦੌਰਾ ਕੀਤਾ । ਉਨ੍ਹਾਂ ਕਿਸਾਨਾਂ ਅਤੇ ਪਿੰਡ ਨਿਵਾਸੀਆਂ ਨਾਲ ਗੱਲ ਬਾਤ ਕੀਤੀ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨ ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਰੋਜ਼ਾਨਾਂ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਕਿਸਾਨ ਪਿੰਡ ਦੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਐਸ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰਕੇ ਵੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲ ਸਕਦੇ ਹਨ।
ਉਹਨਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ। ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਉਹਨਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਣ-ਪਾਣੀ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਆਪਣੀ ਤੇ ਆਪਣੇ ਬੱਚਿਆਂ ਦੀ ਜਿੰਦਗੀ ਤੇ ਪਸ਼ੂ-ਪੰਛੀਆਂ ਨੂੰ ਬਚਾਉ ਲਈ ਪਰਾਲੀ ਨਾ ਸਾੜਨ ਸਗੋਂ ਇਸਨੂੰ ਜਮੀਨ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਨੁਕਸਾਨ ਹੀ ਨੁਕਸਾਨ ਹਨ ਅਤੇ ਇਸ ਨੂੰ ਸੰਭਾਲਣ ਦੇ ਫਾਇਦੇ ਹੀ ਫਾਇਦੇ, ਇਸ ਲਈ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਕੇ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਅੱਗੇ ਆਉਣ ਤਾਂ ਕਿ ਪਰਾਲੀ ਤੇ ਨਾੜ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਚੇਅਰਮੈਂਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਤੋਂ ਇਲਾਵਾ ਹੋਰ ਪੰਤਵਤੇ ਮੌਜੂਦ ਸਨ । ਇਸ ਮੌਕੇ ਬੇਲਰ ਮਾਲਕ ਗੁਰਪ੍ਰੀਤ ਸਿੰਘ ਕੁਠਾਲਾ ਨੇ ਆਪਣਾ ਤਜਰਬਾ ਵੀ ਸਾਂਝਾ ਕੀਤਾ ।MALERKOTLA NEWS