ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ):-ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਸ. ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਸ. ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।






















