Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ
– ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸਾ, ਬੁਢਲਾਡਾ ਅਤੇ ਬੋੜਾਵਾਲ ਦੀਆਂ ਅਨਾਜ ਮੰਡੀਆਂ ਦਾ ਦੌਰਾ
ਮਾਨਸਾ, 19 ਅਪ੍ਰੈਲ (ਭਗਵੰਤ ਚਾਹਲ): ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਸਬ ਡਵੀਜ਼ਨ ਅੰਦਰ ਆਉਂਦੀਆਂ ਅਨਾਜ ਮੰਡੀਆਂ ਵਿੱਚ ਨਿਗਰਾਨੀ ਵਧਾ ਦਿੱਤੀ ਹੈ। ਇਸੇ ਲੜੀ ਤਹਿਤ ਏ.ਡੀ.ਸੀ ਅਨੁਪ੍ਰਿਤਾ ਜੌਹਲ ਨੇ ਮਾਨਸਾ, ਬੁਢਲਾਡਾ ਅਤੇ ਬੋੜਾਵਾਲ ਦੀਆਂ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੰਡੀਆਂ ਵਿੱਚ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਾਫ-ਸਫਾਈ ਦੀ ਸਥਿਤੀ ਦਾ ਵੀ ਮੁਆਇਨਾ ਕੀਤਾ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਫਸਲ ਦੀ ਚੁਕਾਈ ਅਤੇ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਨੂੰ ਕੀਤੀ ਜਾਣ ਵਾਲੀ ਅਦਾਇਗੀ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਖਰੀਦ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ, ਮਜ਼ਦੂਰ, ਆੜ੍ਹਤੀ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























