MEA on Trump Claims : ਭਾਰਤ ਦੀ ਤੇਲ ਖਰੀਦ ‘ਤੇ ਟਰੰਪ ਦੇ ਦਾਅਵਿਆਂ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ
ਨਵੀ ਦਿੱਲੀ, 16 ਅਕਤੂਬਰ 2025 (ਵਿਸ਼ਵ ਵਾਰਤਾ): ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਉਨ੍ਹਾਂ ਦਾਅਵਿਆਂ ਦਾ ਜਵਾਬ ਦਿੱਤਾ ਕਿ ਜਿਨ੍ਹਾਂ ਚ ਕਿਹਾ ਗਿਆ ਸੀ ਕਿ ਭਾਰਤ ਜਲਦੀ ਹੀ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਸਕਦਾ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਦੀ ਊਰਜਾ ਆਯਾਤ ਨੀਤੀ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ‘ਤੇ ਕੇਂਦ੍ਰਿਤ ਹੈ, ਜਿਸਦਾ ਮੁੱਖ ਉਦੇਸ਼ ਸਥਿਰ ਊਰਜਾ ਕੀਮਤਾਂ ਅਤੇ ਸਪਲਾਈ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਟਰੰਪ ਦੇ ਦਾਅਵੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਇੱਕ ਵੱਡਾ ਤੇਲ ਅਤੇ ਗੈਸ ਆਯਾਤਕ ਹੈ ਅਤੇ ਅਸਥਿਰ ਵਿਸ਼ਵ ਊਰਜਾ ਬਾਜ਼ਾਰ ਵਿੱਚ ਦੇਸ਼ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਜੈਸਵਾਲ ਨੇ ਅੱਗੇ ਕਿਹਾ, ‘ਊਰਜਾ ਨੀਤੀ ਦੇ ਦੋ ਉਦੇਸ਼ ਹਨ, ਪਹਿਲਾ ਸਥਿਰ ਕੀਮਤਾਂ ਨੂੰ ਤੈਅ ਕਰਨਾ ਅਤੇ ਦੂਜਾ ਸੁਰੱਖਿਅਤ ਸਪਲਾਈ ਬਣਾਈ ਰੱਖਣਾ। ਇਹ ਕਰਨ ਲਈ, ਅਸੀਂ ਆਪਣੇ ਊਰਜਾ ਸਰੋਤਾਂ ਦਾ ਵਿਸਤਾਰ ਅਤੇ ਬਾਜ਼ਾਰ ਦੀਆਂ ਸਥਿਤੀਆਂ ਦੇ ਅਨੁਸਾਰ ਉਨ੍ਹਾਂ ਨੂੰ ਵਿਭਿੰਨ ਬਣਾਉਂਦੇ ਹਾਂ। ਸੰਯੁਕਤ ਰਾਜ ਅਮਰੀਕਾ ਦੇ ਸੰਬੰਧ ਵਿੱਚ, ਅਸੀਂ ਕਈ ਸਾਲਾਂ ਤੋਂ ਆਪਣੀਆਂ ਊਰਜਾ ਖਰੀਦਾਂ ਨੂੰ ਵਧਾਉਣ ਲਈ ਯਤਨਸ਼ੀਲ ਹਾਂ। ਅਸੀਂ ਪਿਛਲੇ ਦਹਾਕੇ ਵਿੱਚ ਨਿਰੰਤਰ ਤਰੱਕੀ ਕੀਤੀ ਹੈ।” ਉਨ੍ਹਾਂ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਨੇ ਭਾਰਤ ਨਾਲ ਊਰਜਾ ਸਹਿਯੋਗ ਵਧਾਉਣ ਵਿੱਚ ਦਿਲਚਸਪੀ ਦਿਖਾਈ ਹੈ, ਅਤੇ ਇਸ ਬਾਰੇ ਵਿਚਾਰ-ਵਟਾਂਦਰਾ ਜਾਰੀ ਹੈ।
ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵ੍ਹਾਈਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਦੋਸਤ ਹਨ। ਸਾਡੇ ਬਹੁਤ ਚੰਗੇ ਸਬੰਧ ਹਨ। ਮੈਂ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ਤੋਂ ਖੁਸ਼ ਨਹੀਂ ਸੀ ਪਰ ਅੱਜ ਉਨ੍ਹਾਂ (ਪ੍ਰਧਾਨ ਮੰਤਰੀ ਮੋਦੀ) ਨੇ ਮੈਨੂੰ ਭਰੋਸਾ ਦਿੱਤਾ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























