ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ ਪੱਪੀ);- ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਨਿਪਟਾਰੇ ਅਤੇ ਵਪਾਰਕ ਭਾਈਚਾਰੇ ਨਾਲ ਲਗਾਤਾਰ ਸੰਵਾਦ ਬਣਾਈ ਰੱਖਣ ਦੇ ਉਦੇਸ਼ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇੱਕ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਨਾਲ ਮਿਲ ਕੇ ਹਾਜ਼ਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ।
ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਵਾਇਆ ਜਾਵੇਗਾ।
ਮੀਟਿੰਗ ਦੌਰਾਨ ਵਪਾਰੀਆਂ ਨੇ ਸ਼ਹਿਰੀ ਸਹੂਲਤਾਂ, ਬੁਨਿਆਦੀ ਢਾਂਚੇ ਅਤੇ ਵਪਾਰ ਨਾਲ ਸਬੰਧਤ ਵੱਖ-ਵੱਖ ਮਸਲੇ ਉਠਾਏ, ਜਿਨ੍ਹਾਂ ਦੇ ਹੱਲ ਲਈ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ, ਦੁਕਾਨਦਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।























