Moga Encounter: ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਬਾਰੀ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ!
ਮੋਗਾ, 15 ਫਰਵਰੀ 2026 (ਵਿਸ਼ਵ ਵਾਰਤਾ) – ਬੀਤੇ ਦਿਨੀ ਦੋ ਪ੍ਰਵਾਸੀਆਂ ‘ਤੇ ਗੋਲੀ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਮੋਗਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਇਸ ਕਾਰਵਾਈ ਵਿੱਚ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਕਾਰਵਾਈ ਮੋਗਾ ਪੁਲਿਸ ਅਤੇ ਸੀ.ਆਈ.ਏ (CIA) ਸਟਾਫ਼ ਨੇ ਮਿਲ ਕੇ ਕੀਤੀ ਹੈ।
ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਮੋਗਾ ਜ਼ਿਲ੍ਹੇ ਵਿੱਚ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਬਾਰੀ ਹੋਈ ਸੀ। ਬਿਹਾਰ ਤੋਂ ਆਏ ਇਹ ਦੋਵੇਂ ਮਜ਼ਦੂਰ ਮੋਗਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ ਅਤੇ ਉਸ ਦਿਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਅਣ-ਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਘੱਲ ਕਲਾਂ ਇਲਾਕੇ ਵਿੱਚ ਮੌਜੂਦ ਹਨ। ਜਦੋਂ ਪੁਲਿਸ ਟੀਮ ਉਹਨਾਂ ਨੂੰ ਫੜਨ ਪਹੁੰਚੀ, ਤਾਂ ਮੁਲਜ਼ਮਾਂ ਨੇ ਰੁਕਣ ਦੀ ਬਜਾਏ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ, ਜਿਸਦੀ ਪਛਾਣ ਜੋਬਨਪ੍ਰੀਤ ਵਜੋਂ ਹੋਈ ਹੈ, ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਦੂਜਾ ਮੁਲਜ਼ਮ ਆਕਾਸ਼ਦੀਪ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਨੇ ਉਸਨੂੰ ਵੀ ਕਾਬੂ ਕਰ ਲਿਆ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























