Moga ‘ਚ ਕਾਰ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ; ਨੌਜਵਾਨ ਗੰਭੀਰ ਜ਼ਖਮੀ
ਮੋਗਾ, 11 ਮਾਰਚ 2026 (ਵਿਸ਼ਵ ਵਾਰਤਾ): ਮੋਗਾ ‘ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਦੇਰ ਰਾਤ ਮੋਗਾ ਦੀ ਤਿੰਨ ਨੰਬਰ ਚੁੰਗੀ ਨੇੜੇ ਵਾਪਰੀ। ਵੇਦਾਂਤ ਨਗਰ ਦਾ ਰਹਿਣ ਵਾਲਾ ਕੁਲਜੀਤ ਸਿੰਘ ਆਪਣੇ ਇੱਕ ਸਾਥੀ ਨਾਲ ਘਰ ਪਰਤ ਰਿਹਾ ਸੀ। ਇਸੇ ਦੌਰਾਨ ਇੱਕ ਕਾਰ ਵਿੱਚ ਸਵਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਅਚਾਨਕ ਫਾਇਰਿੰਗ ਕਰ ਦਿੱਤੀ।
ਫਾਇਰਿੰਗ ਦੌਰਾਨ ਕੁਲਜੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਕੁਲਜੀਤ ਸਿੰਘ ਨੂੰ ਤੁਰੰਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























