Mohali News: ਚੈੱਕ ਗਣਰਾਜ ਦੀ ਰਾਜਦੂਤ ਡਿਪਟੀ ਕਮਿਸ਼ਨਰ ਨੂੰ ਮਿਲੇ
ਮਹਿਲਾ ਸਸ਼ਕਤੀਕਰਨ ਪਹਿਲਕਦਮੀ ਵਿੱਚ ਡੂੰਘੀ ਦਿਲਚਸਪੀ ਦਿਖਾਈ
ਐਸ.ਏ.ਐਸ.ਨਗਰ, 28 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਭਾਰਤ ਵਿੱਚ ਚੈੱਕ ਗਣਰਾਜ ਦੀ ਰਾਜਦੂਤ, ਡਾ. ਐਲਿਸਕਾ ਜ਼ਿਗੋਵਾ ਨੇ ਅੱਜ ਡੀ ਏ ਸੀ ਮੋਹਾਲੀ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਿੰਡ ਪੱਧਰ ‘ਤੇ ਸਵੈ-ਸਹਾਇਤਾ ਗਰੁੱਪਾਂ ਦੀ ਸਥਾਪਨਾ ਕਰਕੇ ਪੇਂਡੂ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਵੱਖ-ਵੱਖ ਔਰਤਾਂ ਦੇ ਹੈਲਪ ਗਰੁੱਪਾਂ ਵੱਲੋਂ ਆਰਟੀਫੀਸ਼ੀਅਲ ਜਿਊਲਰੀ ਤੋਂ ਲੈ ਕੇ ਖਾਣ-ਪੀਣ ਵਾਲੀਆਂ ਵਸਤਾਂ ਅਤੇ ਕੱਪੜਾ ਆਧਾਰਿਤ ਉਤਪਾਦਾਂ ਦੀ ਪ੍ਰਦਰਸ਼ਨੀ ਤੋਂ ਡੂੰਘਾ ਪ੍ਰਭਾਵ ਲੈਂਦਿਆ ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਸ਼ਲਾਘਾਯੋਗ ਹੈ ਅਤੇ ਇਹ ਉਨ੍ਹਾਂ ਹੋਰ ਔਰਤਾਂ ਲਈ ਵੀ ਲਾਹੇਵੰਦ ਹੋ ਸਕਦੀ ਹੈ ਜਿਨ੍ਹਾਂ ਨੂੰ ਆਪਣਾ ਇੱਕ ਸਮੂਹ ਬਣਾ ਕੇ ਛੋਟੇ ਕਾਰੋਬਾਰਾਂ ‘ਤੇ ਅਧਾਰਤ ਘਰ ਤੋਂ ਚੱਲਣ ਵਾਲਾ ਵਪਾਰ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਨ ਦਾ ਵਿਚਾਰ ਸ਼ਾਨਦਾਰ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਬਣਾਉਣ ਵਿੱਚ ਬਹੁਤ ਜ਼ਿਆਦਾ ਸਹਾਈ ਹੋ ਸਕਦੀਆਂ ਹਨ। ਔਰਤਾਂ ਵਿੱਚ ਸਮਾਜਿਕ-ਆਰਥਿਕ ਵਿਕਾਸ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਹਨਾਂ ਸਮੂਹਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਛੇਤੀ ਹੀ ਦਿੱਲੀ ਵਿੱਚ ਚੈੱਕ ਦੂਤਾਵਾਸ ਵਿੱਚ ਬੁਲਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੀ ਮੌਜੂਦ ਸਨ।