MOHALI NEWS: ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀ
ਦਫ਼ਤਰੀ ਕੰਮ ਵਿੱਚ ਸਮੇਂ ਦੀ ਪਾਬੰਦਤਾ, ਪਾਰਦਰਸ਼ਤਾ, ਇਮਾਨਦਾਰੀ ਅਤੇ ਸਮਰਪਣ ਦੀ ਮੰਗ ਕੀਤੀ
ਐਸ.ਏ.ਐਸ.ਨਗਰ, 25 ਫਰਵਰੀ (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਨਾਲ ਇੱਕ ਜਾਣ-ਪਛਾਣ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ ਵਿੱਚ ਸਮੇਂ ਦੀ ਪਾਬੰਦਤਾ, ਪਾਰਦਰਸ਼ਤਾ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕਿਉਂਕਿ ਐਸ.ਏ.ਐਸ.ਨਗਰ (ਮੁਹਾਲੀ) ਸੂਬੇ ਦਾ ਸਭ ਤੋਂ ਵੱਧ ਰੁਝੇਵੇਂ ਵਾਲਾ ਜ਼ਿਲ੍ਹਾ ਹੈੱਡਕੁਆਰਟਰ ਹੈ, ਇਸ ਲਈ ਸਮੂਹ ਸਟਾਫ਼ ਰੋਜ਼ਾਨਾ ਦੇ ਕੰਮਾਂ ਦੇ ਨਿਪਟਾਰੇ ਲਈ ਸਾਰੇ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦੇ ਵਿਵਹਾਰ ਤੋਂ ਪ੍ਰੇਸ਼ਾਨੀ ਨਾ ਹੋਵੇ।
ਡਿਪਟੀ ਕਮਿਸ਼ਨਰ, ਜੋ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਵੀ ਕੰਮ ਕਰ ਚੁੱਕੇ ਹਨ, ਨੇ ਕਿਹਾ ਕਿ ਸ਼ਿਕਾਇਤ ਸ਼ਾਖਾ ਅਤੇ ਵਿਸ਼ੇਸ਼ ਤੌਰ ‘ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨਾਲ ਸਬੰਧਤ ਅਦਾਲਤੀ ਕੇਸਾਂ ਨਾਲ ਨਿਪਟਣ ਵਾਲੀ ਸ਼ਾਖਾ ਨੂੰ ਆਪਣੀਆਂ ਜ਼ਿੰਮੇਵਾਰੀਆਂ ਦਾ ਪੂਰੀ ਤਰਾਂ ਧਿਆਨ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਵਿੱਚ ਘੱਟ ਤੋਂ ਘੱਟ ਬਕਾਇਆ ਹੋਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਡੀ ਸੀ ਦਫ਼ਤਰ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਜਾ ਕੇ ਮੁਸ਼ਕਿਲ ਜਾਂ ਖੱਜਲ ਖੁਆਰੀ ਮਹਿਸੂਸ ਨਾ ਹੋਵੇ।
ਇਸ ਮੀਟਿੰਗ ਵਿੱਚ ਏ ਡੀ ਸੀ ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਡੀ ਸੀ ਦਫ਼ਤਰ ਦੀਆਂ ਸਾਰੀਆਂ ਸ਼ਾਖਾਵਾਂ ਦੇ ਸੁਪਰਡੈਂਟ, ਇੰਚਾਰਜ ਅਤੇ ਸਟਾਫ਼ ਨੇ ਸ਼ਿਰਕਤ ਕੀਤੀ।