MOHALI : ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ
ਚਾਈਨਾ ਡੋਰ ਤੇ ਪਾਬੰਦੀ ਨੂੰ ਯਕੀਨੀ ਬਣਾਉਣ ਸਮੇਤ ਹੋਰ ਦਿਸ਼ਾ ਨਿਰਦੇਸ਼ ਜਾਰੀ
ਐੱਸ.ਏ.ਐਸ.ਨਗਰ, 9 ਜਨਵਰੀ(ਸਤੀਸ਼ ਕੁਮਾਰ ਪੱਪੀ) ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਉਨ੍ਹਾਂ ਵਲੋਂ ਐਨ.ਜੀ.ਟੀ ਨਿਗਰਾਨੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦੀ ਪਾਲਣਾ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਸੰਸਥਾਵਾਂ, ਗਮਾਡਾ, ਪੀ.ਐਸ.ਆਈ.ਈ.ਸੀ ਅਤੇ ਪੀ.ਡਬਲਯੂ.ਐਸ.ਐਸ.ਬੀ. ਦੁਆਰਾ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਥਾਰਟੀਆਂ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐਸ.ਟੀ.ਪੀ. ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰਤਾ ਵਿੱਚ ਕੀਤੇ ਜਾਣ। ਉਨ੍ਹਾਂ ਕਿਹਾ ਕਿ ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਟ੍ਰੀਟ (ਸੋਧਿਆ) ਕੀਤਾ ਪਾਣੀ ਵੱਖੋ-ਵੱਖ ਥਾਂ ‘ਤੇ ਜਿਵੇਂ ਕਿ ਖੇਤਾਂ ਵਿੱਚ ਸਿੰਜਾਈ ਲਈ, ਸੜਕਾਂ ਤੇ ਛਿੜਕਾਅ ਲਈ ਅਤੇ ਬਿਲਡਿੰਗਾਂ ਦੀ ਉਸਾਰੀ ਦੇ ਕਾਰਜਾਂ ਲਈ ਵਰਤਿਆ ਜਾਵੇਗਾ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਮੌਜੂਦ 101.8 ਮਿਲੀਅਨ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਪਲਾਂਟਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ ਗਿਆ। ਘੱਗਰ ਨਾਲ ਲੱਗਦੀਆਂ ਸਨਅਤੀ ਇਕਾਈਆਂ ਵੱਲੋਂ ਲਗਾਏ ਗਏ ਈ ਟੀ ਪੀ (ਸਨਅਤੀ ਗੰਦੇ ਪਾਣੀ ਸੋਧਕ ਪਲਾਂਟ) ਦੀ ਵੀ ਲਗਾਤਾਰ ਮੋਨੀਟਿਰਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
ਉਨ੍ਹਾਂ ਨੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਅਧੀਨ ਛੱਪੜਾਂ ਦੀ ਕਾਇਆ ਕਲਪ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁੱਲ ਸ਼ਹਿਰਾਂ ਵਿੱਚੋਂ ਘੱਟੋ-ਘੱਟ ਇੱਕ ਚੌਥਾਈ ਸ਼ਹਿਰਾਂ ਨੂੰ ਥਾਪਰ ਮਾਡਲ ਵਜੋਂ ਅੱਪਡੇਟ ਕੀਤਾ ਜਾਵੇ।
ਅਨਮੋਲ ਸਿੰਘ ਧਾਲੀਵਾਲ ਨੇ ਨਗਰ ਨਿਗਮ, ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ) ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਹਰ ਮਹੀਨੇ ਪੰਜ ਚਲਾਨ ਕੀਤੇ ਜਾਣ ਅਤੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਇਨਾ ਡੋਰ ਨਾਲ ਜਾਨੀ ਨੁਕਸਾਨ ਹੋ ਰਿਹਾ ਹੈ। ਇਸ ਲਈ ਇਲਾਕੇ ਦੇ ਦੁਕਾਨਦਾਰਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਜਾਨਲੇਵਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਚ ਚਾਇਨਾ ਡੋਰ ਦੀ ਵਿਕਰੀ ਰੋਕਣ ਲਈ ਈ.ਓਜ ਅਤੇ ਡੀ.ਡੀ.ਪੀ.ਓ. ਨੂੰ ਕਿਹਾ ਕਿ ਮੋਨੀਟੀਰਿੰਗ ਕਰਦੇ ਹੋਏ ਟੀਮਾਂ ਬਣਾ ਕੇ ਮਾਰਕੀਟਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ 2.0 ਤਹਿਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਖਰੀਦੇ ਜਾਣ ਵਾਲੇ ਵਾਹਨਾਂ ਅਤੇ ਮਸ਼ੀਨਰੀ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਇਨ੍ਹਾਂ ਲਈ ਮਿਲੀ ਗ੍ਰਾਂਟ ਦੇ ਵਰਤੋਂ ਸਰਟੀਫ਼ਿਕੇਟ, ਇਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਚਾਲਕਾਂ ਬਾਰੇ ਵਿਸਥਾਰ ’ਚ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ’ਚ ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕਾਰਜ ਸਾਧਕ ਅਫਸਰ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/