MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ; ਅਦਾਲਤ ਨੇ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ, 23 ਜਨਵਰੀ (ਵਿਸ਼ਵ ਵਾਰਤਾ) :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਬਜਟ ਸੈਸ਼ਨ ਵਿੱਚ ਸ਼ਾਮਿਲ ਹੋਣ ਸੰਬੰਧੀ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਇਸ ਮਾਮਲੇ ‘ਚ ‘ਕੰਪੀਟੈਂਟ ਅਥਾਰਟੀ’ 7 ਦਿਨਾਂ ਦੇ ਅੰਦਰ-ਅੰਦਰ ਫ਼ੈਸਲਾ ਲਵੇ।
ਇਸ ਦੇ ਨਾਲ ਹੀ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਹ ਧਿਆਨ ਦੇਣ ਯੋਗ ਹੈ ਕਿ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਣ ਵਾਲਾ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲਾਂ ਰਾਹੀਂ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ 17 ਜਨਵਰੀ ਨੂੰ ਜੇਲ੍ਹ ਤੋਂ ਹੀ ਅੰਮ੍ਰਿਤਪਾਲ ਸਿੰਘ ਵੱਲੋਂ ਡੀਸੀ ਅੰਮ੍ਰਿਤਸਰ, ਗ੍ਰਹਿ ਸਕੱਤਰ ਪੰਜਾਬ, ਕੇਂਦਰੀ ਗ੍ਰਹਿ ਮੰਤਰੀ ਅਤੇ ਲੋਕ ਸਭਾ ਸਪੀਕਰ ਨੂੰ ਇੱਕ ਪੱਤਰ ਲਿਖਿਆ ਗਿਆ ਸੀ।
ਇਸ ‘ਚ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਉਹ ਸੈਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਕਿਉਂਕਿ ਉਹ ਆਪਣੇ ਐਮਪੀ ਲੈਂਡ ਫੰਡ ਦੀ ਵਰਤੋਂ ਨਹੀਂ ਕਰ ਪਾ ਰਹੇ। ਦੂਜਾ, ਉਨ੍ਹਾਂ ਦਾ ਇਲਾਕਾ ਗੰਭੀਰ ਹੜ੍ਹਾਂ ਦੀ ਮਾਰ ਹੇਠ ਆਇਆ ਸੀ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ ਸੀ। ਉਨ੍ਹਾਂ ਇਹ ਮੁੱਦਾ ਵੀ ਸੰਸਦ ‘ਚ ਉਠਾਉਣਾ ਹੈ। ਇਸ ਤੋਂ ਇਲਾਵਾ, ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਆਦਿ ਦੀ ਵੀ ਇੱਕ ਵੱਡੀ ਸਮੱਸਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















