MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ
ਡੱਲੇਵਾਲ ਨੇ ਕਿਹਾ ਕਿ ਐਮਐਸਪੀ ਪੰਜਾਬ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ
ਅੰਮ੍ਰਿਤਸਰ, 25 ਦਸੰਬਰ, 2024 (ਵਿਸ਼ਵ ਵਾਰਤਾ): MP Gurjeet Singh Aujla ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ Jagjit Singh Dallewal ਨੂੰ ਮਿਲਣ ਖਨੌਰੀ ਸਰਹੱਦ ਪੁੱਜੇ। ਡੱਲੇਵਾਲ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਪਿਛਲੇ ਤੀਹ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉੱਥੇ ਪਹੁੰਚ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ।
ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਖਤਮ ਕਰਨ ਦੀ ਸੂਝ ਬਖਸ਼ੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਦੀ ਗੱਲ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕੰਨਾਂ ਵਿੱਚ ਰੂੰ ਪਾ ਕੇ ਬੈਠੀ ਹੈ। ਅਜਿਹੇ ਸਖ਼ਤ ਰੁਖ਼ ਦਾ ਮਤਲਬ ਹੈ ਕਿ ਭਾਜਪਾ ਸਿਰਫ਼ ਆਪਣੇ ਤਾਨਾਸ਼ਾਹੀ ਰਵੱਈਏ ਨੂੰ ਸਹੀ ਸਮਝ ਰਹੀ ਹੈ ਅਤੇ ਦੇਸ਼ ਨੂੰ ਆਪਣੀ ਜਾਇਦਾਦ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਪਿਛਲੇ ਤੀਹ ਦਿਨਾਂ ਤੋਂ ਮਰਨ ਵਰਤ ’ਤੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਪਰ ਕਿਸੇ ਕੇਂਦਰੀ ਮੰਤਰੀ ਨੇ ਉਨ੍ਹਾਂ ਦੀ ਹਾਲਤ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ। ਕਾਂਗਰਸ ਨੇ ਵੀ ਇਸ ਮੁੱਦੇ ‘ਤੇ ਗੱਲ ਕਰਨ ਲਈ ਸਮਾਂ ਮੰਗਿਆ ਪਰ ਨਹੀਂ ਮਿਲਿਆ। ਹੁਣ ਫਿਰ ਉਹ ਕੇਂਦਰ ਅੱਗੇ ਆਪਣੀ ਆਵਾਜ਼ ਉਠਾਉਣ ਲਈ ਸਮਾਂ ਮੰਗਣਗੇ। ਉਹ ਚਾਹੁੰਦੇ ਹੈ ਕਿ ਡੱਲੇਵਾਲ ਵਰਗੇ ਆਗੂ ਹਮੇਸ਼ਾ ਉਹਨਾੰ ਦਾ ਮਾਰਗਦਰਸ਼ਨ ਕਰਨ ਪਰ ਕੇਂਦਰ ਸਰਕਾਰ ਡੱਲੇਵਾਲ ਵਰਗਾ ਮਜ਼ਬੂਤ ਥੰਮ੍ਹ ਡਿੱਗਾਣਾ ਚਾਹੁੰਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦਾ ਮਸਲਾ ਜਲਦੀ ਤੋਂ ਜਲਦੀ ਹੱਲ ਕਰਕੇ ਉਨ੍ਹਾਂ ਨੂੰ ਐਮ.ਐਸ.ਪੀ ਗਾਰੰਟੀ ਕਾਨੂੰਨ ਦੇਵੇ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਘੱਟੋ-ਘੱਟ ਸਮਰਥਨ ਮੁੱਲ ਬਹੁਤ ਜ਼ਰੂਰੀ ਹੈ। ਸਰਕਾਰ ਚਾਹੁੰਦੀ ਹੈ ਕਿ ਪੰਜਾਬ ਵਿੱਚ ਵਿਭਿੰਨਤਾ ਆਵੇ ਪਰ ਐਮਐਸਪੀ ਤੋਂ ਬਿਨਾਂ ਵਿਭਿੰਨਤਾ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਵਿਭਿੰਨਤਾ ਤੋਂ ਬਿਨਾਂ ਪੰਜਾਬ ਦਾ ਪਾਣੀ ਬਚ ਨਹੀਂ ਸਕਦਾ। ਉਨ੍ਹਾਂ ਗੁਰਜੀਤ ਸਿੰਘ ਔਜਲਾ ਨੂੰ ਕਿਹਾ ਕਿ ਸਾਰੇ ਆਗੂਆਂ ਨੂੰ ਇਕੱਠੇ ਹੋ ਕੇ ਕੇਂਦਰ ਤੋਂ ਐਮਐਸਪੀ ਦੀ ਮੰਗ ਕਰਨੀ ਚਾਹੀਦੀ ਹੈ ਕਿਉਂਕਿ ਇਹ ਸਿਰਫ਼ ਉਨ੍ਹਾਂ ਲਈ ਹੀ ਨਹੀਂ ਸਗੋਂ ਪੰਜਾਬ ਲਈ ਬਹੁਤ ਜ਼ਰੂਰੀ ਹੈ। ਜਿਸ ‘ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲ ਨੇ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਉਹ ਇਸ ਮੁੱਦੇ ‘ਤੇ ਕੇਂਦਰ ਨਾਲ ਜ਼ਰੂਰ ਗੱਲਬਾਤ ਕਰਨਗੇ।