National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ
ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ 21 ਤੋਂ 23 ਅਕਤੂਬਰ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹੋ ਰਹੇ ਇਸ ਦੌਰੇ ਦੌਰਾਨ ਭਾਰਤ ਅਤੇ ਪੋਲੈਂਡ ਵਿਚਾਲੇ ਰਣਨੀਤਕ ਭਾਈਵਾਲੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਪਾਰ, ਨਿਵੇਸ਼, ਰੱਖਿਆ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਬਾਰੇ ਵਿਚਾਰ-ਵਟਾਂਦਰਾ ਹੋਵੇਗਾ।
ਪ੍ਰਧਾਨ ਮੰਤਰੀ ਡੋਨਾਲਡ ਟਸਕ 22 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਮੌਕੇ ਦੋਵੇਂ ਆਗੂ ਭਾਰਤ-ਪੋਲੈਂਡ ਸਬੰਧਾਂ ਦੇ ਸਾਰੇ ਪ੍ਰਮੁੱਖ ਪਹਿਲੂਆਂ ਦੀ ਸਮੀਖਿਆ ਕਰਨਗੇ ਅਤੇ ਖੇਤਰੀ ਤੇ ਆਲਮੀ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।
ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਲੈਂਡ ਦੌਰੇ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਗਿਆ ਸੀ। ਮੌਜੂਦਾ ਦੌਰੇ ਨੂੰ ਇਸ ਭਾਈਵਾਲੀ ਤਹਿਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀ ਸਮੀਖਿਆ ਅਤੇ ਹੋਰ ਵਿਸਥਾਰ ਦੇ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























