National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ
– ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ
– ਮੁੱਖ ਚੋਣ ਕਮਿਸ਼ਨਰ ਸਮੇਤ ਤਿੰਨੋਂ ਚੋਣ ਕਮਿਸ਼ਨਰਾਂ ਤੋਂ ਹਲਫ਼ਨਾਮੇ ਰਾਹੀਂ ਜਵਾਬ ਲੈਣ ਦੀ ਮੰਗ
ਨਵੀਂ ਦਿੱਲੀ, 17 ਨਵੰਬਰ ( ਵਿਸ਼ਵ ਵਾਰਤਾ) – ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਅਤੇ ਵੋਟ ਚੋਰੀ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਧਿਰ ਦੇ ਆਗੂਆਂ ਨੇ ਸੁਪਰੀਮ ਕੋਰਟ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਹੈ। ਇਸ ਵਿੱਚ ਚੋਣ ਕਮਿਸ਼ਨ ਨੂੰ 48 ਲਿਖਤੀ ਸਵਾਲ ਭੇਜਣ ਦੀ ਇਜਾਜ਼ਤ ਮੰਗੀ ਗਈ ਹੈ।
ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਮੁੱਖ ਚੋਣ ਕਮਿਸ਼ਨਰ ਅਤੇ ਦੋ ਹੋਰ ਚੋਣ ਕਮਿਸ਼ਨਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਹਲਫ਼ਨਾਮੇ ਰਾਹੀਂ ਦੇਣ ਦੇ ਨਿਰਦੇਸ਼ ਦਿੱਤੇ ਜਾਣ।
ਅਰਜ਼ੀ ਵਿੱਚ ਇਹ ਵੀ ਪੁੱਛਿਆ ਗਿਆ ਹੈ ਕਿ ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (SIR) ਦੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਇਸ ਸਬੰਧੀ ਫੈਸਲੇ ਲੈਣ ਵਿੱਚ ਕੀ ਤਿੰਨੋਂ ਚੋਣ ਕਮਿਸ਼ਨਰਾਂ ਦੀ ਸਹਿਮਤੀ ਸੀ। ਪਟੀਸ਼ਨਕਰਤਾਵਾਂ ਨੇ ਇਸ ਸਬੰਧੀ ਅਧਿਕਾਰਤ ਰਿਕਾਰਡ ਵੀ ਅਦਾਲਤ ਸਾਹਮਣੇ ਰੱਖਣ ਦੀ ਮੰਗ ਕੀਤੀ ਹੈ। ਅਰਜ਼ੀ ਵਿੱਚ ਮੁੱਖ ਚੋਣ ਕਮਿਸ਼ਨਰ ਸਮੇਤ ਤਿੰਨੋਂ ਕਮਿਸ਼ਨਰਾਂ ਦੀ ਭੂਮਿਕਾ ਅਤੇ SIR ਸਬੰਧੀ ਫੈਸਲਾ ਲੈਣ ਦੀ ਪ੍ਰਕਿਰਿਆ ਬਾਰੇ ਵੀ ਸਵਾਲ ਉਠਾਏ ਗਏ ਹਨ।























