National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ
ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ ਵਾਰਤਾ): ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਮੰਗਲਵਾਰ ਤੋਂ ਭਾਰਤ ਦਾ ਤਿੰਨ ਦਿਨਾਂ ਦੌਰਾ ਸ਼ੁਰੂ ਕਰਨਗੇ। ਇਸ ਦੌਰਾਨ ਭਾਰਤ ਅਤੇ ਅਮਰੀਕਾ ਵਿਚਾਲੇ ਊਰਜਾ, ਵਪਾਰ, ਨਿਵੇਸ਼, ਰੱਖਿਆ ਅਤੇ ਅਹਿਮ ਤਕਨਾਲੋਜੀਆਂ ਦੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਪੱਛਮੀ ਏਸ਼ੀਆ ਦੇ ਸੰਕਟ ਬਾਰੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਜਾਵੇਗਾ।
ਇਸ ਸਾਲ ਮਾਰਕੋ ਰੂਬੀਓ ਦਾ ਇਹ ਦੂਜਾ ਭਾਰਤ ਦੌਰਾ ਹੈ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਲਗਾਤਾਰ ਤਣਾਅ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਮਈ ਵਿੱਚ ਭਾਰਤ ਦੌਰੇ ਦੌਰਾਨ ਰੂਬੀਓ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਕਵਾਡ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਵੀ ਹਿੱਸਾ ਲਿਆ ਸੀ।
ਮੁੰਬਈ ਵਿੱਚ ਜੈਸ਼ੰਕਰ ਨਾਲ ਹੋਵੇਗੀ ਮੁਲਾਕਾਤ
ਅਮਰੀਕੀ ਵਿਦੇਸ਼ ਮੰਤਰੀ ਦੇ ਨਾਲ ਕਾਰੋਬਾਰੀਆਂ ਦਾ ਇੱਕ ਵੱਡਾ ਵਫ਼ਦ ਵੀ ਭਾਰਤ ਆਉਣ ਦੀ ਉਮੀਦ ਹੈ। ਮੰਗਲਵਾਰ ਦੁਪਹਿਰ ਨੂੰ ਮੁੰਬਈ ਵਿੱਚ ਮਾਰਕੋ ਰੂਬੀਓ ਅਤੇ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵਿਚਾਲੇ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਭਾਰਤ-ਅਮਰੀਕਾ ਦੀ ਵਿਆਪਕ ਆਲਮੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਰੱਖਿਆ ਅਤੇ ਊਰਜਾ ਦੇ ਨਾਲ-ਨਾਲ ਵਪਾਰ ਤੇ ਨਿਵੇਸ਼ ਵਰਗੇ ਮੁੱਦੇ ਵੀ ਗੱਲਬਾਤ ਦੇ ਕੇਂਦਰ ਵਿੱਚ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























