23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ
ਅੰਮ੍ਰਿਤਸਰ, 15 ਸਤੰਬਰ(ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਮਾਝਾ ਖੇਤਰ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ 23 ਸਤੰਬਰ 2026 ਨੂੰ ਸਵੇਰੇ 10:00 ਵਜੇ ਹੋਟਲ ਲੀ-ਮੈਰੀਡਨ, ਅੰਮ੍ਰਿਤਸਰ ਵਿਖੇ ਵਿਸ਼ੇਸ਼ ‘ਐੱਨ.ਆਰ.ਆਈ. ਮਿਲਣੀ’ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਮਿਲਣੀ ਵਿੱਚ ਮਾਝਾ ਖੇਤਰ ਦੇ 4 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਪ੍ਰਵਾਸੀ ਭਾਰਤੀ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚ ਸਕਦੇ ਹਨ। ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਸੁਣ ਕੇ ਸਬੰਧਤ ਅਧਿਕਾਰੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਅਨੁਸਾਰ, ਇਸ ਮਿਲਣੀ ਵਿੱਚ ਐੱਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਚਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਹਾਜ਼ਰ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਮਾਝੇ ਨਾਲ ਸਬੰਧਿਤ ਸਮੂਹ ਐੱਨ.ਆਰ.ਆਈ. ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਧ-ਚੜ੍ਹ ਕੇ ਇਸ ਮਿਲਣੀ ਵਿੱਚ ਪਹੁੰਚਣ ਅਤੇ ਆਪਣੀਆਂ ਮੁਸ਼ਕਿਲਾਂ ਪ੍ਰਸ਼ਾਸਨ ਸਾਹਮਣੇ ਰੱਖ ਕੇ ਸਰਕਾਰ ਦੀ ਇਸ ਪਹਿਲਕਦਮੀ ਦਾ ਲਾਭ ਉਠਾਉਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























