‘One Nation, One Election’ ਬਿੱਲ ਸੰਸਦ ਦੇ ਇਸ ਸੈਸ਼ਨ ਵਿੱਚ ਹੋ ਸਕਦਾ ਹੈ ਪੇਸ਼
ਨਵੀਂ ਦਿੱਲੀ, 10 ਦਸੰਬਰ (ਵਿਸ਼ਵ ਵਾਰਤਾ) : ਨਰਿੰਦਰ ਮੋਦੀ ਸਰਕਾਰ ਆਪਣੀ ‘One Nation, One Election’ ਪਹਿਲਕਦਮੀ ਨਾਲ ਅੱਗੇ ਵਧ ਰਹੀ ਹੈ ਅਤੇ ਮੌਜੂਦਾ ਸੈਸ਼ਨ ਦੌਰਾਨ ਸੰਸਦ ਵਿਚ ਇਕ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਮੰਤਰੀ ਮੰਡਲ ਨੇ ਪ੍ਰਸਤਾਵ ‘ਤੇ ਰਾਮ ਨਾਥ ਕੋਵਿੰਦ ਕਮੇਟੀ ਦੀ ਰਿਪੋਰਟ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ, ਜੋ ਦੇਸ਼ ਭਰ ਵਿੱਚ ਇੱਕੋ ਸਮੇਂ ਚੋਣਾਂ ਦੀ ਵਕਾਲਤ ਕਰਦੀ ਹੈ। ਵਿਆਪਕ ਸਮਰਥਨ ਨੂੰ ਯਕੀਨੀ ਬਣਾਉਣ ਲਈ, ਸਰਕਾਰ ਬਿਲ ‘ਤੇ ਸਹਿਮਤੀ ਬਣਾਉਣ ਦੀ ਯੋਜਨਾ ਬਣਾ ਰਹੀ ਹੈ,ਇਸ ਲਈ ਇਸ ਬਿੱਲ ਨੂੰ ਸੰਸਦ ਤੋਂ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਚਰਚਾ ਲਈ ਭੇਜਿਆ ਜਾਵੇਗਾ। ਜੇਪੀਸੀ ਇਸ ਬਿੱਲ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚਰਚਾ ਕਰੇਗੀ। ਇਸ ਤੋਂ ਇਲਾਵਾ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰ ਅਤੇ ਦੇਸ਼ ਭਰ ਦੇ ਬੁੱਧੀਜੀਵੀ ਅਤੇ ਹੋਰ ਹਿੱਸੇਦਾਰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ। ਆਮ ਲੋਕਾਂ ਦੀ ਰਾਏ ਵੀ ਲਈ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਸਤੰਬਰ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਕੈਬਨਿਟ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਸੀ ਕਿ ‘ਪਹਿਲੇ ਪੜਾਅ ‘ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਹੋਣਗੀਆਂ। ਇਸ ਤੋਂ ਬਾਅਦ 100 ਦਿਨਾਂ ਦੇ ਅੰਦਰ-ਅੰਦਰ ਦੂਜੇ ਪੜਾਅ ਵਿੱਚ ਨਗਰ ਨਿਗਮ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਵਿਚਾਰ ਕਰਨ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ 2 ਸਤੰਬਰ 2023 ਨੂੰ ਇੱਕ ਪੈਨਲ ਦਾ ਗਠਨ ਕੀਤਾ ਗਿਆ ਸੀ। ਇਸ ਪੈਨਲ ਨੇ ਹਿੱਸੇਦਾਰਾਂ-ਮਾਹਿਰਾਂ ਨਾਲ ਵਿਚਾਰ ਵਟਾਂਦਰੇ ਅਤੇ 191 ਦਿਨਾਂ ਦੀ ਖੋਜ ਤੋਂ ਬਾਅਦ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/