Panjab University ‘ਚ ਭਾਸ਼ਾ ਵਿਵਾਦ: ਸਾਂਸਦ ਮਾਲਵਿੰਦਰ ਕੰਗ ਨੇ ਉਪ-ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਉੱਠੇ ਵਿਵਾਦ ਨਾਲ ਪੰਜਾਬ ਦੀ ਰਾਜਨੀਤੀ ਵੀ ਗਰਮਾ ਗਈ ਹੈ। ਇਸ ਮਾਮਲੇ ਵਿੱਚ ਹੁਣ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਉਪ-ਰਾਸ਼ਟਰਪਤੀ ਅਤੇ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਹਰ ਬੋਰਡ ‘ਤੇ ਸਤਿਕਾਰ ਅਤੇ ਪ੍ਰਮੁੱਖਤਾ ਦੇ ਨਾਲ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ। ਅਸੀਂ ਆਪਣੀ ਹੀ ਸੰਸਥਾ ਵਿੱਚੋਂ ਆਪਣੀ ਮਾਂ-ਬੋਲੀ ਨੂੰ ਯੋਜਨਾਬੱਧ ਤਰੀਕੇ ਨਾਲ ਮਿਟਾਉਣ ਦੀ ਕੋਸ਼ਿਸ਼ ਕਦੇ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇਖ ਰਿਹਾ ਹੈ; ਪੰਜਾਬ ਯੂਨੀਵਰਸਿਟੀ ਦੀ ਆਤਮਾ ਨੂੰ ਹਾਈਜੈਕ ਨਹੀਂ ਹੋਣ ਦਿੱਤਾ ਜਾਵੇਗਾ।
ਕੰਗ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਲਗਾਏ ਗਏ ਨਵੇਂ ਸਾਈਨ ਬੋਰਡਾਂ ਵਿੱਚੋਂ ਪੰਜਾਬੀ (ਗੁਰਮੁਖੀ) ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾ ਕੇ ਸਿਰਫ਼ ਉੱਪਰ ਹਿੰਦੀ ਅਤੇ ਨਾਲ ਅੰਗਰੇਜ਼ੀ ਨੂੰ ਜਗ੍ਹਾ ਦਿੱਤੀ ਗਈ ਹੈ। ਇਹ ਕੋਈ ਗਲਤੀ ਨਹੀਂ, ਸਗੋਂ ਪੰਜਾਬ ਦੀ ਸੱਭਿਆਚਾਰਕ ਪਛਾਣ ਅਤੇ ਇਸ ਧਰਤੀ ਦੀ ਮਾਂ-ਬੋਲੀ ਨੂੰ ਮਿਟਾਉਣ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਉਨ੍ਹਾਂ ਨੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























