ਸੰਗਰੂਰ, 30 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਹੋਣ ਜਾ ਰਹੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮਰਪਿਤ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਵੀ ਕੀਤੀ। ਮੀਟਿੰਗ ਦੌਰਾਨ ਰੈਲੀ ਦੇ ਪ੍ਰਬੰਧਾਂ, ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਅਤੇ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਿ-ਇੰਚਾਰਜ ਸ੍ਰੀ ਸੂਰਜ ਸਿੰਘ ਠਾਕੁਰ, ਸਾਬਕਾ ਵਿਧਾਇਕ ਸਰਦਾਰ ਇੰਦਰਬੀਰ ਸਿੰਘ ਬੁਲਾਰੀਆ, ਸਰਦਾਰ ਸੁਖਪਾਲ ਸਿੰਘ ਭੁੱਲਰ ਅਤੇ ਪਾਰਟੀ ਦੇ ਬੁਲਾਰੇ ਸਰਦਾਰ ਹਰਦੀਪ ਸਿੰਘ ਕਿੰਗਰਾ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ 4 ਨਵੰਬਰ ਦੀ ‘ਇਨਸਾਫ਼ ਰੈਲੀ’ ਪੰਜਾਬ ਦੇ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਦਾ ਇੱਕ ਅਹਿਮ ਮੌਕਾ ਹੋਵੇਗੀ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਪੂਰੀ ਇਕਜੁੱਟਤਾ ਨਾਲ ਤਿਆਰੀਆਂ ਵਿੱਚ ਜੁਟਣ ਅਤੇ ਰੈਲੀ ਦੇ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।























