ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ‘ਝੋਟਾ’ ਦੇ ਕਤਲ ‘ਤੇ ਰੋਸ ਪ੍ਰਗਟ ਕਰਦਿਆਂ, ‘ਇਨਸਾਫ਼ ਕਮੇਟੀ’ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰੇਗੀ।। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ, ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ‘ਲਾਹਣਤ ਪੱਤਰ’ ਸੌਂਪੇ ਜਾਣਗੇ। ਕਮੇਟੀ ਅਨੁਸਾਰ, ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਵਿਧਾਇਕ ਇਹ ਪੱਤਰ ਲੈਣ ਤੋਂ ਇਨਕਾਰ ਕਰਦੇ ਹਨ, ਤਾਂ ਇਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ ਬਾਹਰ ਚਿਪਕਾ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸਮੇਤ ਕਈ ਹੋਰ ਜਥੇਬੰਦੀਆਂ ਸ਼ਾਮਲ ਹਨ।
ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੋ ਲੋਕ ਸਹਿਯੋਗ ਦੇਣਾ ਚਾਹੁੰਦੇ ਹਨ, ਉਹ ਖੁਦ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚ ਸਕਦੇ ਹਨ। ਅੱਜ ਪਰਿਵਾਰ ਦੇ ਧਰਨੇ ਦਾ ਸੱਤਵਾਂ ਦਿਨ ਹੈ। ਮ੍ਰਿਤਕ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ, ਕਿਉਂਕਿ ਪਰਿਵਾਰ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਅੜਿਆ ਹੋਇਆ ਹੈ।























