Patiala : ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਦਾ ਦੌਰਾ ਕਰਕੇ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ
ਮੰਡੀਆਂ ’ਚ ਖਰੀਦੇ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਤੇ ਅਦਾਇਗੀ ਨਾਲੋਂ ਨਾਲ ਜਾਰੀ : ਡਾ. ਪ੍ਰੀਤੀ ਯਾਦਵ
ਪਟਿਆਲਾ, 9 ਅਕਤੂਬਰ(ਵਿਸ਼ਵ ਵਾਰਤਾ) ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪਟਿਆਲਾ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਖਰੀਦੇ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਕਰਵਾਈ ਜਾ ਰਹੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਪਣੀ ਜਿਣਸ ਲੈਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰਾ ਚੁਸਤ ਦਰੁਸਤ ਹੈ ਅਤੇ ਜ਼ਿਲ੍ਹੇ ਦੇ ਸਮੂਹ ਐਸਡੀਐਜ਼ ਆਪਣੀ ਸਬ ਡਵੀਜ਼ਨ ਅਧੀਨ ਪੈਂਦੀਆਂ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਮੰਡੀਆਂ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ।