ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਮੁੜ-ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਿਸਦੇ ਮੱਦੇਨਜ਼ਰ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਧਿਕਾਰਤ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਕੱਲ੍ਹ 13 ਨਵੰਬਰ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ । ਇਸ ਤੋਂ ਇਲਾਵਾ 28 ਨਵੰਬਰ (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ। ਜਾਰੀ ਵੇਰਵਿਆਂ ਅਨੁਸਾਰ, ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 14 ਨਵੰਬਰ ਨੂੰ ਬੈਂਕ ਛੁੱਟੀ, 15 ਨਵੰਬਰ ਨੂੰ ਐਤਵਾਰ ਅਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 17, 18 ਅਤੇ 19 ਨਵੰਬਰ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ,19 ਨਵੰਬਰ ਕਾਗਜ਼ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ। ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 21 ਨਵੰਬਰ ਸ਼ਨੀਵਾਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਮਤਦਾਨ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਵੱਖਰੇ ਤੌਰ ‘ਤੇ ਜਾਰੀ ਕੀਤੀਆਂ ਜਾਣਗੀਆਂ।























