Patiala News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਧਿਕਾਰੀਆਂ ਨਾਲ ਪੁੱਜੇ ਪਿੰਡਾਂ ‘ਚ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਕੀਤਾ ਹੱਲ
-ਪਿੰਡ ਵਾਸੀ ਪਾਰਟੀਬਾਜ਼ੀ ਤੋਂ ਉਪਰ ਉਠਕੇ ਆਪਣੀ ਪੰਚਾਇਤ ਚੁਣਨ : ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਸੱਦਾ
-ਕਿਹਾ, ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਦਿੱਤੀ ਜਾਵੇਗੀ 10 ਲੱਖ ਰੁਪਏ ਦੀ ਗਰਾਂਟ
– ਪਿੰਡ ਲੁਬਾਣਾ ਟੇਕੂ ਦੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਲਈ ਖਾਕਾ ਹੋਇਆ ਤਿਆਰ : ਡਾ. ਬਲਬੀਰ ਸਿੰਘ
-‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ‘ਚ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਭਰਵੀਂ ਸ਼ਮੂਲੀਅਤ
ਪਟਿਆਲਾ, 21 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਪਾਰਟੀਬਾਜ਼ੀ ਤੋਂ ਉਪਰ ਉਠਕੇ ਆਪਣੀ ਪੰਚਾਇਤ ਚੁਣਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡਾਂ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਤੇ ਉਹ ਆਪਣੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਵਾਲੇ ਪਿੰਡਾਂ ਨੂੰ 5 ਲੱਖ ਰੁਪਏ ਦੀ ਗਰਾਂਟ ਆਪਣੇ ਵੱਲੋਂ ਦੇਣਗੇ। ਉਨ੍ਹਾਂ ਕਿਹਾ ਕਿ ਇਸ 10 ਲੱਖ ਰੁਪਏ ਨੂੰ ਪਿੰਡ ਦੇ ਵਿਕਾਸ ਲਈ ਵਰਤਿਆ ਜਾ ਸਕੇਗਾ। ਉਹ ਅੱਜ ਇਥੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ।
ਪਿੰਡ ਵਾਸੀਆਂ ਦੇ ਰੂਬਰੂ ਹੁੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚੋਂ ਧੜੇਬੰਦੀ ਖਤਮ ਕਰਨ ਲਈ, ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤੇ ਵਡੇਰੇ ਜਨਤਕ ਹਿੱਤਾਂ ਲਈ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸਾਨ ‘ਤੇ ਨਾ ਲੜਨ ਦੇ ਲਏ ਫੈਸਲੇ ਦਾ ਸੂਬਾ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤ ਬਣਾਉਣਗੇ ਉਨ੍ਹਾਂ ਨੂੰ ਉਹ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਹੋਰ ਦੇਣਗੇ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਦੀ ਮੁਸ਼ਕਲਾਂ ਨੂੰ ਸੁਣਿਆਂ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਦਿੱਤੇ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਤਰਸੇਮ ਚੰਦ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਅੱਜ ਪਿੰਡ ਕੈਦੂਪੁਰ, ਲਬਾਣਾ ਟੇਕੂ, ਲੁਬਾਣਾ ਕਰਮੂ, ਲਬਾਣਾ ਮਾਡਲ ਟਾਊਨ, ਲੁਬਾਣਾ ਬਾਜੀਗਰ ਬਸਤੀ, ਸ਼ਮਲਾ, ਘਮਰੌਦਾ ਤੇ ਰਾਮਗੜ੍ਹ ਛੰਨਾ ਪਿੰਡਾਂ ਦਾ ਦੌਰਾ ਕੀਤਾ।
ਲੁਬਾਣਾ ਟੇਕੂ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ‘ਚ 20 ਏਕੜ ਖੇਤਰ ‘ਚ ਫੈਲੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਜਲਦੀ ਹੀ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਢਾਬ ਦੇ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲ ਇੰਸ਼ੋਰੈਂਸ ਦੇ 225 ਕਰੋੜ ਰੁਪਏ 2018 ਤੋਂ ਬਕਾਇਆ ਹਨ, ਇਸ ਸਬੰਧੀ ਉਹ ਕੇਂਦਰੀ ਸਿਹਤ ਮੰਤਰੀ ਨੂੰ ਮਿਲਕੇ ਵੀ ਆਏ ਹਨ ਤੇ ਜੋ ਵਰਤੋਂ ਸਰਟੀਫਿਕੇਟ ਉਨ੍ਹਾਂ ਵੱਲੋਂ ਮੰਗੇ ਗਏ ਸਨ, ਉਹ ਜਮ੍ਹਾਂ ਕਰਵਾ ਦਿੱਤੇ ਗਏ ਹਨ ਤੇ ਸੋਮਵਾਰ ਨੂੰ ਦੁਬਾਰਾ ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀ ਦਿੱਲੀ ਮੀਟਿੰਗ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦਾ ਮਸਲਾ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕੇਂਦਰੀ ਸਿਹਤ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਾਂ ਰਾਜਨੀਤੀ ਤੋਂ ਉਪਰ ਉਠਕੇ ਬਿਮਾਰੀ, ਬੇਰੁਜ਼ਗਾਰੀ ਤੇ ਅਨਪੜ੍ਹਤਾ ਨਾਲ ਲੜੀਏ ਤੇ ਇਸ ਦੇ ਖਾਤਮੇ ਲਈ ਰਲ ਕੇ ਹੰਭਲਾ ਮਾਰੀਏ।
ਇਸ ਮੌਕੇ ਕਰਨਲ ਜੇ.ਵੀ. ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਸੀ.ਡੀ.ਪੀ.ਓ ਗੁਰਮੀਤ ਸਿੰਘ, ਜਗਦੀਪ ਸਿੰਘ ਧੰਗੇੜਾ, ਹਰਜੀਤ ਸਿੰਘ ਕੈਦੂਪੁਰ, ਮਨਦੀਪ ਹਿਆਣਾ, ਲਖਵਿੰਦਰ ਰੋਹਟਾ, ਹੇਮਰਾਜ ਅਜਨੌਦਾ, ਮਨਜਿੰਦਰ ਨੰਬਰਦਾਰ, ਸਤਨਾਮ ਖੁਰਦ, ਗੁਰਪ੍ਰੀਤ ਸਿੰਘ ਪੇਦਨੀ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।