20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।