‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ
ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਗਲਵਾਰ ਨੂੰ ਵੱਡਾ ਐਲਾਨ ਹੋਇਆ ਹੈ। ਅੱਜ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਦਾ ਰਸਮੀ ਐਲਾਨ ਹੋਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਇਸ ਕਾਨਫਰੰਸ ‘ਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੀ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇਸ ਸਾਂਝੇ ਸਮਾਗਮ ਦਾ ਹਿੱਸਾ ਰਹੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ। ਸਾਡੇ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਅੱਜ ਇੱਕ ਮੀਟਿੰਗ ਹੋਈ ਹੈ ਅਤੇ ਉਸ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਨੇ ਬੈਠ ਕੇ ਇਹ ਫੈਸਲਾ ਲਿਆ ਹੈ ਕਿ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਅਕਾਲੀ ਦਲ ਦੋਵੇਂ ਮਿਲ ਕੇ ਲੜਨਗੇ ਅਤੇ ਅੱਜ ਤੋਂ ਅਕਾਲੀ ਦਲ ਐਨ.ਡੀ.ਏ. (NDA) ਦੇ ਸਾਥੀ ਵਜੋਂ ਰਾਜਨੀਤੀ ਵਿੱਚ ਕੰਮ ਕਰੇਗਾ।”

ਅਕਾਲੀ ਭਾਜਪਾ ਗਠਜੋੜ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕੀਤਾ ਕਿ “ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ! ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਪਰਿਵਾਰ ਵਿੱਚ ਵਾਪਸ ਪਰਤਿਆ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ। ਸਾਡਾ ਇੱਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਲੋਕਾਂ ਨੂੰ ਲੋਕ-ਪੱਖੀ ਸਰਕਾਰ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗਾ।























