Politics News : ਸਾਂਸਦ ਮੀਤ ਹੇਅਰ ਨੇ ਕੀਤੀ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਾਲ ਕੀਤੀ ਮੁਲਾਕਾਤ ; ਹਾਈਵੇ ਪ੍ਰੋਜੈਕਟਾਂ ਨਾਲ ਜੁੜੇ ਮੁੱਦਿਆਂ ‘ਤੇ ਕੀਤੀ ਗੱਲਬਾਤ
ਨਵੀਂ ਦਿੱਲੀ 28ਜੁਲਾਈ (ਵਿਸ਼ਵ ਵਾਰਤਾ)Politics News: ਸੰਗਰੂਰ ਤੋਂ ਲੋਕ ਸਭਾ ਦੇ ਐਮਪੀ ਮੀਤ ਹੇਅਰ ਵਲੋਂ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਸੰਗਰੂਰ ਹਲਕੇ ‘ਚ ਸੜਕੀ ਪ੍ਰੋਜੈਕਟਾਂ ਨਾਲ ਜੁੜੀਆਂ ਮੁਸ਼ਕਿਲਾਂ ਬਾਰੇ ਕੇਂਦਰੀ ਮੰਤਰੀ ਨਾਲ ਵਿਚਾਰ ਚਰਚਾ ਕੀਤੀ ਹੈ। ਇਸ ਮੌਕੇ ਕੇਦਰੀ ਮੰਤਰੀ ਨੇ ਮੀਤ ਹੇਅਰ ਦੀਆਂ ਮੰਗਾਂ ‘ਤੇ ਵਿਚਾਰ ਕਰਨ ਦਾ ਭਰੋਸਾ ਉਨ੍ਹਾਂ ਨੂੰ ਦਿੱਤਾ ਹੈ। ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ। ਉਨ੍ਹਾਂ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ 10 ਕਿਲੋਮੀਟਰ ਦੀ ਲੰਬਾਈ ਤੱਕ ਹੋਰ ਚੌੜਾ ਕਰਨ ਦੀ ਲੋੜ ਹੈ। ਇਸ ਨਾਲ ਆਵਾਜਾਈ ਸੌਖੀ ਹੋ ਸਕੇਗੀ।