Politics News : ਭਾਜਪਾ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ – ਹਰਚੰਦ ਸਿੰਘ ਬਰਸਟ
ਐਸ.ਏ.ਐਸ. ਨਗਰ, 2 ਅਗਸਤ(ਵਿਸ਼ਵ ਵਾਰਤਾ)Politics News-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣਬੂਝ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ ਵਿੱਚ ਬੰਦ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਦੇਸ਼ ਦੀ ਦਸ਼ਾ ਅਤੇ ਦਿਸ਼ਾ ਨੂੰ ਬਦਲ ਦਿੱਤਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਪਹਿਲਾ ਦਿੱਲੀ ਵਿੱਚ ਮਿਸਾਲੀ ਕੰਮ ਕੀਤੇ, ਜਿਸ ਲਈ ਦਿੱਲੀ ਦੀ ਜਨਤਾ ਨੇ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੋਰ ਸੌਂਪੀ, ਤੇ ਫਿਰ ਪੰਜਾਬ ਦੀ ਜਨਤਾ ਨੇ ਵੀ ਉਨ੍ਹਾਂ ਦੀ ਸੋਚ ਨੂੰ ਅਪਣਾਉਂਦਿਆਂ ਹੋਇਆ ਪੰਜਾਬ ਵਿੱਚ ਇਨ੍ਹੇ ਵੱਡੇ ਬਹੁਤਮਤ ਨਾਲ ਜਿੱਤ ਦਵਾਈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਬੰਦੇ ਦਾ ਨਾਂ ਨਹੀਂ ਹੈ, ਇਹ ਇੱਕ ਸੋਚ ਹੈ, ਜੋ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਤੇ ਯਕੀਨ ਰਖਦੀ ਹੈ। ਇਸ ਨੂੰ ਨਾ ਤਾਂ ਕਦੇ ਦਬਾਇਆ ਜਾ ਸਕਦਾ ਹੈ ਤੇ ਨਾ ਹੀ ਰੋਕਿਆ ਜਾ ਸਕਦਾ ਹੈ। ਇਹ ਦੇਸ਼ ਪੱਖੀ ਸੋਚ ਦਿਨੋਂ-ਦਿਨ ਲੋਕਾਂ ਵਿੱਚ ਫੈਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ। ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਇਸਦੇ ਬਾਵਜੂਦ ਲੋਕ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਰਹੇ। ਇਨ੍ਹਾਂ ਕੁਝ ਕਰਨ ਦੇ ਬਾਵਜੂਦ ਵੀ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਦਾ ਮਨ ਨਹੀਂ ਭਰਿਆ ਤਾਂ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।
ਸ. ਬਰਸਟ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ 22 ਸਾਲਾਂ ਤੋਂ ਸ਼ੂਗਰ ਦੇ ਮਰੀਜ਼ ਹਨ। ਇਸਦੇ ਬਾਵਜੂਦ ਜੇਲ੍ਹ ਵਿੱਚ ਨਾ ਤਾਂ ਉਨ੍ਹਾਂ ਨੂੰ ਸਹੀ ਤਰੀਕੇ ਨਾਲ ਖਾਣਾ ਉਪਲਬਧ ਕਰਵਾਇਆ ਜਾ ਰਿਹਾ ਹੈ, ਨਾ ਹੀ ਦਵਾਇਆਂ ਅਤੇ ਇੰਸੂਲਿਨ ਮੁਹੱਇਆ ਕਰਵਾਇਆ ਜਾ ਰਿਹਾ ਹੈ। ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਦਕਿ ਅਜਿਹੀ ਸਥਿਤੀ ਵਿੱਚ ਮਰੀਜ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪੈਂਦਾ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ ਅਜਿਹਾ ਨਾ ਕਰਕੇ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੀ ਹੈ। ਭਾਜਪਾ ਇਸ ਪ੍ਰਕਾਰ ਦੇ ਸੰਵਿਧਾਨ ਵਿਰੋਧੀ ਕਾਰਜ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ।