ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੁਨਰ ਸੁਰਜੀਤ ਅਕਾਲੀ ਦਲ’ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕੋ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸਾਂਝੀ ਲੜਾਈ ਲੜਨ ਨੂੰ ਸਮੇਂ ਦੀ ਮੁੱਖ ਲੋੜ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਸਿੱਧਾ ਫ਼ਾਇਦਾ ਪੰਥ ਵਿਰੋਧੀ ਤਾਕਤਾਂ ਚੁੱਕ ਰਹੀਆਂ ਹਨ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਇੱਕ ਸਾਂਝੀ ਮਜ਼ਬੂਤ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।






















