ਚੰਡੀਗੜ੍ਹ 22ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਬਿਜਲੀ ( PSPCL ) ਮੰਤਰੀ ਹਰਭਜਨ ਸਿੰਘ ਈਟੀਓ ( HARBHAJAN SINGH ETO )ਨੇ ਇਸ ਸਾਲ ਦੇ ਝੋਨੇ ਦੇ ਸੀਜਨ ਦੌਰਾਨ ਬਿਜਲੀ ਦੀ ਸਫਲਤਾ ਪੂਰਵਕ ਸਪਲਾਈ ਦੀ ਜਾਣਕਾਰੀ ਦਿੱਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ, ਪੀਐਸਪੀਐਲ ਨੇ ਪਿਛਲੇ ਸਾਲ ਦੀ ਵੱਧ ਤੋਂ ਵੱਧ ਮੰਗ 15325 ਮੈਗਾਵਾਟ ਨੂੰ ਪਾਰ ਕਰਦਿਆਂ 19 ਜੂਨ ਨੂੰ 16078 ਮੈਗਾਵਾਟ ਬਿਜਲੀ ਸਪਲਾਈ ਕੀਤੀ ਹੈ। ਉਹਨਾਂ ਕਿਹਾ ਕਿ ਝੋਨੇ ਦੀ ਫਸਲ ਦੀ ਬਿਜਾਈ ਦੇ ਦੌਰਾਨ ਰੋਜ਼ਾਨਾ ਅੱਠ ਘੰਟੇ ਬਿਜਲੀ ਮੁਹਈਆ ਕਰਵਾਈ ਗਈ ਹੈ, ਅਤੇ ਇਸ ਦੇ ਨਾਲ ਨਾਲ ਕਿਸੇ ਦੂਸਰੇ ਖਪਤਕਾਰ ਵਰਗ ਤੇ ਵੀ ਕੋਈ ਕੱਟ ਨਹੀਂ ਲਗਾਇਆ ਗਿਆ। ਉਹਨਾਂ ਕਿਹਾ ਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਲਈ ਪੁਖਤਾ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਸ ਗਰਮੀ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕਈ ਉਪਾਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਹਿਰੀ ਕੇਂਦਰਾਂ ਵਿੱਚ ਮੋਬਾਈਲ ਟਰਾਂਸਫਾਰਮਰ ਸਥਾਪਤ ਕਰਨਾ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬਸਟੇਸ਼ਨ ’ਤੇ ਮਟੀਰੀਅਲ ਸਟੋਰ ਸਥਾਪਤ ਕਰਨਾ, ਡਵੀਜ਼ਨ ਪੱਧਰ ’ਤੇ 104 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕਰਨਾ, 21 ਸਰਕਲਾਂ ‘ਤੇ ਕੰਟਰੋਲ ਰੂਮ ਸਥਾਪਤ ਕਰਨਾ, ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਦੇ ਕੰਟਰੋਲ ਰੂਮ ਤੋਂ ਇਲਾਵਾ 5 ਜ਼ੋਨ ਸਥਾਪਤ ਕਰਨਾ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੀ ਮੈਨਪਾਵਰ ਤਾਇਨਾਤ ਕਰਨਾ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ, ਪੀ.ਐਸ.ਪੀ.ਸੀ.ਐਲ. ਵੱਲੋਂ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਲੋੜਾਂ ਨੂੰ ਪੂਰਾ ਕਰਨ ਲਈ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀ.ਵੀ.ਸੀ, ਕੰਡਕਟਰਾਂ, ਖੰਭਿਆਂ ਅਤੇ ਹੋਰ ਸਮਾਨ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜੀਂਦੀ ਮਾਤਰਾ ਵਿੱਚ ਮੌਜੂਦ ਹੈ। ਪੀ.ਐਸ.ਪੀ.ਸੀ.ਐਲ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਕੀਤਾ ਗਿਆ। ਇਸ ਪ੍ਰਬੰਧਾਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਵੀ ਘਟਨਾ ਰਿਪੋਰਟ ਨਹੀਂ ਹੋਈ। ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗਣ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਨੇ ਬਿਜਲੀ ਕੰਪਨੀਆਂ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਰੋਸਾ ਹੈ ਕਿ ਗਰਮੀ ਦੇ ਮੌਸਮ ਦੌਰਾਨ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।