PU senate : ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
– ਕਿਹਾ “ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਅਸਹਿ ਜਖ਼ਮ ਦਿੱਤਾ”
ਚੰਡੀਗੜ੍ਹ, 1 ਨਵੰਬਰ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਨੂੰ ਭੰਗ ਕਰ ਕਰਨ ਅਤੇ ਇਸ ‘ਚੋਂ ਪੰਜਾਬ ਦੀ ਸ਼ਮੂਲੀਅਤ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ “ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਕ ਢਾਂਚੇ ਉੱਤੇ ਹਮਲਾ ਹੈ। ਉਹ ਵੀ ‘ਪੰਜਾਬ ਦਿਵਸ’ ਦੇ ਮੌਕੇ ‘ਤੇ, ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ। ਕੇਂਦਰ ਸਰਕਾਰ ਨੇ ਬਿਨਾ ਪੰਜਾਬ ਦੀ ਪਰਵਾਹ ਕੀਤਿਆਂ ਇਹ ਇੱਕ-ਪਾਸੜ ਆਰਡੀਨੈਂਸ ਜਾਰੀ ਕਰ ਕੇ ਅਤੇ ਪੰਜਾਬ ਦੇ ਮਾਣ-ਮੱਤੇ ਵਿਰਸੇ ਵਿੱਚੋਂ ਪੰਜਾਬ ਨੂੰ ਹੀ ਬਾਹਰ ਕੱਢ ਕੇ ਪੰਜਾਬ ਨੂੰ ਇੱਕ ਹੋਰ ਅਸਹਿ ਜਖ਼ਮ ਦਿੱਤਾ ਹੈ।
ਉਨ੍ਹਾਂ ਅਗੇ ਕਿਹਾ ਕਿ “ਮੈਂ ਭਾਰਤ ਸਰਕਾਰ ਨੂੰ ਸੁਝਾਅ ਦਿੰਦਾ ਹਾਂ ਕਿ ਉਹ ਫੌਰਨ ਇਸ ਗੈਰ-ਸੰਵਿਧਾਨਿਕ ਫੈਸਲੇ ਨੂੰ ਵਾਪਿਸ ਲਵੇ ਤੇ ਪਹਿਲਾਂ ਤੋਂ ਹੀ ਅਨੇਕ ਸਮੱਸਿਆਵਾਂ ਨਾਲ ਜੂਝ ਰਹੇ ਪੰਜਾਬ ਦੇ ਮਾਹੌਲ ਨੂੰ ਹੋਰ ਖਰਾਬ ਨਾ ਕਰੇ। ਮੈਂ ਪੰਜਾਬ ਦੇ ਲੋਕਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਇਕੱਠੇ ਹੋਣ ਤੇ , ਜਿਥੋਂ ਵੀ ਹੋ ਸਕੇ, ਕੇਂਦਰ ਸਰਕਾਰ ਦੇ ਇਸ ਆਪ-ਹੁਦਰੇ ਫੈਸਲੇ ਖਿਲਾਫ ਅਵਾਜ਼ ਚੁੱਕਣ। ਸ਼੍ਰੋਮਣੀ ਅਕਾਲੀ ਦਲ ਨੇ ਅਤੀਤ ਵਿੱਚ ਵੀ ਕੇਂਦਰ ਸਰਕਾਰਾਂ ਦੇ ਅਜਿਹੇ ਫੈਸਲਿਆਂ ਦਾ ਡੱਟਵਾਂ ਵਿਰੋਧ ਕੀਤਾ ਹੈ, ਹੁਣ ਵੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ‘ਚ ਵੱਡੀ ਤਬਦੀਲੀ ਕਰਦਿਆਂ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ। ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇਕ ਬੋਰਡ ਆਫ ਗਵਰਨਰਜ਼ ਵਲੋਂ ਕੰਟਰੋਲ ਕੀਤੀ ਜਾਵੇਗੀ। ਕੇਂਦਰ ਸਰਕਾਰ ਦਾ ਇਹ ਹੁਕਮ 5 ਨਵੰਬਰ ਤੋਂ ਲਾਗੂ ਹੋਵੇਗਾ। ਇਸ ਬੋਰਡ ‘ਚ ਕੇਂਦਰ ਸਰਕਾਰ, ਯੂ. ਜੀ. ਸੀ. ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ। ਇਸ ਫੈਸਲੇ ਤੋਂ ਬਾਅਦ ਕਈ ਯੂਨੀਵਰਸਿਟੀ ਫੈਕਲਟੀ, ਸਾਬਕਾ ਵਿਦਿਆਰਥੀਆਂ ਅਤੇ ਵਿਦਿਆਰਥੀ ਸੰਗਠਨਾਂ ਨੇ ਇਸਨੂੰ “ਲੋਕਤੰਤਰੀ ਢਾਂਚੇ ‘ਤੇ ਹਮਲਾ” ਦੱਸਿਆ ਹੈ।























