Punjab ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਭਾਜਪਾ ਦੀਆਂ ਤਾਨਾਸ਼ਾਹੀ ਚਾਲਾਂ ਦੀ ਕੀਤੀ ਨਿੰਦਾ
ਕਿਹਾ, ਸੁਪਰੀਮ ਕੋਰਟ ਦਾ ਸੀ.ਬੀ.ਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਵਿਵਹਾਰ ਦਾ ਸਪੱਸ਼ਟ ਸੰਕੇਤ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ):- Punjab ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਦੇ ਨਾਲ-ਨਾਲ ਸੀ.ਬੀ.ਆਈ ਨੂੰ ਕੇਂਦਰ ਸਰਕਾਰ ਦੇ ‘ਤੋਤੇ’ ਵਾਂਗ ਕੰਮ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਦਾ ਭਰਵਾਂ ਸਵਾਗਤ ਕੀਤਾ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਭਾਜਪਾ ਦੇ ਤਾਨਾਸ਼ਾਹੀ ਰਵੱਈਆਂ ਲਈ ਵੱਡਾ ਝਟਕਾ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ ਅਤੇ ਭਾਜਪਾ ਦੀ ਤਾਨਾਸ਼ਾਹੀ ਹਕੂਮਤ ਦੇ ਮੂੰਹ ’ਤੇ ਕਰਾਰੀ ਚਪੇੜ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਦੇ ਲੋਕਾਂ ਨੇ ਭਾਜਪਾ ਨੂੰ ਪਹਿਲਾਂ ਹੀ ਸਬਕ ਸਿਖਾ ਦਿੱਤਾ ਹੈ ਅਤੇ ਉਹ ਆਉਣ ਵਾਲੀਆਂ ਰਾਜਾਂ ਦੀਆਂ ਚੋਣਾਂ ਵਿੱਚ ਵੀ ਇੱਕ ਵਾਰ ਫਿਰ ਅਜਿਹਾ ਹੀ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।
ਵਿੱਤ ਮੰਤਰੀ ਚੀਮਾ ਨੇ ਸਮੇਂ ਸਿਰ ਦਖਲ ਦੇਣ ਲਈ ਸੁਪਰੀਮ ਕੋਰਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸੀਬੀਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਰਵੱਈਏ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਫੈਸਲਾ ਭਾਜਪਾ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਚੁੱਪ ਕਰਾਉਣ ਦੀਆਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਨੂੰ ਰੋਕਣ ਦਾ ਕੰਮ ਕਰੇਗਾ।
ਪੰਜਾਬ ਦੇ ਵਿੱਤ ਮੰਤਰੀ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਭਾਜਪਾ ਦੇ “ਤਾਨਾਸ਼ਾਹੀ” ਸ਼ਾਸਨ ਵਿਰੁੱਧ ਲੜਨ ਲਈ ਆਪਣੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਨਾਲ ਖੜੇ ਰਹਾਂਗੇ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਰਹਾਂਗੇ, ਚਾਹੇ ਭਾਜਪਾ ਸਾਨੂੰ ਦਬਾਉਣ ਦੀ ਕਿੰਨੀ ਵੀ ਕੋਸ਼ਿਸ਼ ਕਰੇ।