PUNJAB : ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸਰਪੰਚ ਉਮੀਦਵਾਰ ਦਾ ਹਾਈ ਵੋਲਟੇਜ ਡਰਾਮਾ
ਪੈਟਰੋਲ ਦੀ ਬੋਤਲ ਲੈ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਗਿਆ ਚੜ੍ਹ
ਬਰਨਾਲਾ, 7ਅਕਤੂਬਰ(ਵਿਸ਼ਵ ਵਾਰਤਾ) : ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਸਰਪੰਚ ਉਮੀਦਵਾਰ ਨਿਰੰਜਨ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੋਂ ਗੁੱਸੇ ਵਿੱਚ ਉਹ ਪੈਟਰੋਲ ਦੀ ਬੋਤਲ ਲੈ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਜਿਸ ਦੌਰਾਨ ਉਮੀਦਵਾਰ ਨਿਰੰਜਨ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਗੁੱਸੇ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਧਰਨਾਕਾਰੀ ਨਿਰੰਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਪਰ ਬਲਾਕ ਸ਼ਹਿਣਾ ਦੇ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀਆਂ ਨੇ ਸਿਆਸੀ ਪਹੁੰਚ ਕਾਰਨ ਵਿਰੋਧੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ।
ਸਰਕਾਰ ਤੋਂ ਇਹ ਮੰਗ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰਵਾਉਣ ਲਈ ਪੰਚਾਇਤੀ ਜ਼ਮੀਨ ਹੜੱਪਣ ਦੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਸਬੰਧੀ ਰਸਮੀ ਹਲਫ਼ਨਾਮਾ ਦਾਇਰ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇ। ਇਨਸਾਫ਼ ਮਿਲਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖੇਗਾ।