Punjab: ਏਡੀਸੀ ਨੇ ਸਮਾਣਾ ਮੰਡੀ ਦਾ ਕੀਤਾ ਦੌਰਾ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਖ਼ਰੀਦ ਕੀਤੇ ਝੋਨੇ ਦੀ ਨਾਲੋਂ ਨਾਲ ਲਿਫ਼ਟਿੰਗ ਵੀ ਯਕੀਨੀ ਬਣਾਈ ਜਾਵੇ : ਨਵਰੀਤ ਕੌਰ ਸੇਖੋਂ
-ਕਿਸਾਨ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਸਮਾਣਾ, 13 ਅਕਤੂਬਰ (ਵਿਸ਼ਵ ਵਾਰਤਾ):- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਸਮਾਣਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਸਮਾਣਾ ਤਰਸੇਮ ਚੰਦ ਵੀ ਮੌਜੂਦ ਸਨ।
ਇਸ ਮੌਕੇ ਏਡੀਸੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਵੀ ਤੁਰੰਤ ਹੋ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਹੋ ਸਕੇ। ਉਨ੍ਹਾਂ ਅਧਿਕਾਰੀ ਨੂੰ ਖ਼ਰੀਦ ਕੀਤੇ ਝੋਨੇ ਦੀ ਨਾਲੋਂ ਨਾਲ ਲਿਫ਼ਟਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ।
ਨਵਰੀਤ ਕੌਰ ਸੇਖੋਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਧਦੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪਰਾਲੀ ਨੂੰ ਖੇਤਾਂ ਵਿੱਚ ਹੀ ਖਾਦ ਦੇ ਰੂਪ ਵਿੱਚ ਮਿਲਾਉਣ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਲਈ ਕਿਸਾਨ ਪੰਜਾਬ ਸਰਕਾਰ ਵੱਲੋਂ ਤਿਆਰ ’ਉੱਨਤ ਕਿਸਾਨ’ ਐਪ ਦੀ ਵਰਤੋਂ ਕਰਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਆਸਾਨੀ ਨੂੰ ਬੁਕਿੰਗ ਕਰਵਾ ਸਕਦੇ ਹਨ।