PUNJAB ‘ਚ ਪੰਚਾਇਤੀ ਚੋਣਾਂ ਅੱਜ ; ਸੂਬੇ ਦੇ 1ਕਰੋੜ 33 ਲੱਖ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ
ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਹੋਵੇਗੀ ਵੀਡੀਓਗ੍ਰਾਫੀ
ਸੂਬੇ ਵਿੱਚ ਕੀਤਾ ਗਿਆ ਹੈ ਛੁੱਟੀ ਦਾ ਐਲਾਨ- ਸੇਵਾ ਕੇਂਦਰ ਵੀ ਰਹਿਣਗੇ ਬੰਦ
ਚੰਡੀਗੜ੍ਹ,15ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਪੰਚਾਇਤੀ ਚੋਣਾਂ ਕਾਰਨ ਅੱਜ ਪੂਰੇ ਪੰਜਾਬ ਵਿੱਚ ਪਿੰਡਾਂ ਦੀ ਹੱਦ ਅੰਦਰ ਸਥਿਤ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਸਰਕਾਰ ਨੇ ਸਾਰੇ ਦਫ਼ਤਰਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੱਜ ਸੇਵਾ ਕੇਂਦਰ ਵੀ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ, ਜਦਕਿ ਪੰਚ ਦੇ ਅਹੁਦੇ ਲਈ 31381 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ। ਅਜਿਹੇ ਵਿੱਚ ਹੁਣ ਸਰਪੰਚ ਦੇ ਅਹੁਦੇ ਲਈ 25588 ਅਤੇ ਪੰਚ ਦੇ ਅਹੁਦੇ ਲਈ 80598 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 3798 ਸਰਪੰਚ ਅਤੇ 48861 ਪੰਚ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ।