ਜ਼ਿਮਨੀ ਚੋਣਾਂ: Punjab ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ):- ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ ਜਿਨ੍ਹਾਂ ਵਿੱਚ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ, ਜੋ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ, ਸਬੰਧਤ ਅਥਾਰਟੀ ਕੋਲ ਆਪਣਾ ਵੋਟਰ ਕਾਰਡ ਪੇਸ਼ ਕਰਕੇ 20 ਨਵੰਬਰ, 2024 ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਲਈ ਵਿਸ਼ੇਸ਼ ਛੁੱਟੀ ਲਈ ਬਿਨੈ ਕਰ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੀਆਂ ਨਿਰਧਾਰਤ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਸ ਦੇ ਨਾਲ ਹੀ ਰਿਪ੍ਰੀਸੈਂਟੇਸ਼ਨ ਆਫ਼ ਪਿਊਪਲ ਐਕਟ, 1951 (ਕਿਸੇ ਵੀ ਵਪਾਰ, ਟਰੇਡ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਦੀ ਧਾਰਾ 135-ਬੀ ਦੀ ਉਪ ਧਾਰਾ 1 ਦੇ ਉਪਬੰਧ ਮੁਤਾਬਿਕ 20 ਨਵੰਬਰ, 2024 ਨੂੰ ਇਹਨਾਂ ਚਾਰ ਹਲਕਿਆਂ ਵਿੱਚ ਅਦਾਇਗੀ ਛੁੱਟੀ ਵੀ ਦਿੱਤੀ ਜਾਵੇਗੀ।